ਕਿਸਾਨੀ ਸੰਘਰਸ਼ ਦੀ ਚੜ੍ਹਦੀਕਲਾ ਲਈ ਅਰਦਾਸ ਕਰਵਾਈ
ਸੁਨਾਮ ਊਧਮ ਸਿੰਘ ਵਾਲਾ 22 ਫਰਬਰੀ ( ਸਿੰਗਲਾ )
ਨੇੜਲੇ ਪਿੰਡ ਤੁੰਗਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਇਕਾਈ ਪ੍ਰਧਾਨ ਰਣਧੀਰ ਚੌਧਰੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੁੰਗਾਂ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਿਸਾਨੀ ਸੰਘਰਸ਼ ਦੀ ਚੜ੍ਹਦੀਕਲਾ ਲਈ ਅਰਦਾਸ ਕਰਵਾਈ ਗਈ।
ਇਸ ਮੌਕੇ ਪਿੰਡ ਦੇ ਕਿਸਾਨ ਵੀਰਾਂ ਤੋਂ ਇਲਾਵਾ ਮਾਈਆਂ ਨੇ ਵੀ ਵੱਡੀ ਗਿਣਤੀ ਵਿੱਚ ਹਾਜਰੀ ਭਰੀ। ਰਣਧੀਰ ਸਿੰਘ ਨੇ ਦੱਸਿਆ ਕਿ ਕਿਸਾਨੀ ਘੋਲ ਚੜਦੀਕਲਾ ਵਿੱਚ ਸੀ ਤੇ ਹੁਣ ਵੀ ਇਹ ਘੋਲ ਚੜ੍ਹਦੀਕਲਾ ਵਿਚ ਹੀ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਕੁੱਝ ਸ਼ਰਾਰਤੀ ਅਨਸਰਾਂ ਨੇ ਇਸ ਸ਼ਾਂਤਮਈ ਸੰਘਰਸ਼ ਨੂੰ ਤਾਰੋਪੀੜ ਕਰਨ ਦੀ ਕੋਝੀ ਚਾਲ ਚੱਲੀ ਸੀ ਪਰ ਸੰਯੁਕਤ ਕਿਸਾਨ ਮੋਰਚੇ ਦੇ ਸੂਝਵਾਨ ਆਗੂਆਂ ਦੀ ਯੋਗ ਅਗਵਾਈ ਨੇ ਇਸ ਅੰਦੋਲਨ ਨੂੰ ਖਿਲਰਣ ਤੋਂ ਬਚਾਅ ਲਿਆ ਹੈ। ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਦਿੱਲੀ ਸੰਘਰਸ਼ ਵਿਚ ਹਾਜਰੀ ਲੁਆ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੇ ਏਕੇ ਨਾਲ ਇਸ ਅੰਦੋਲਨ ਨੂੰ ਹੋਰ ਮਜਬੂਤ ਕੀਤਾ ਜਾਵੇਗਾ ਤੇ ਕਾਨੂੰਨ ਰੱਦ ਕਰਵਾ ਕੇ ਹੀ ਕਿਸਾਨ ਜਥੇਬੰਦੀਆਂ ਦਿੱਲੀ ਬਾਰਡਰਾਂ ਤੋਂ ਵਾਪਸੀ ਕਰਨਗੀਆਂ।