Latest

ਘਰ-ਘਰ ਰੁਜ਼ਗਾਰ ਮਿਸ਼ਨ’ ਤਹਿਤ ਲਵਲੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਰੋਜ਼ਗਾਰ ਮੇਲਾ ਸ਼ੁਰੂ *ਡਿਪਟੀ ਕਮਿਸ਼ਨਰ ਨੇ ਕੀਤਾ ਰੋਜ਼ਗਾਰ ਮੇਲੇ ਦਾ ਉਦਘਾਟਨ *ਪਹਿਲੇ ਦਿਨ 224 ਨੌਜਵਾਨਾਂ ਦੀ ਹੋਈ ਪਲੇਸਮੈਂਟ

ਫਗਵਾੜਾ , 18 ਫਰਵਰੀ :
(ਸ਼ਰਨਜੀਤ ਸਿੰਘ ਸੋਨੀ)
ਪੰਜਾਬ ਸਰਕਾਰ ਦੇ ‘ਘਰ-ਘਰ ਰੁਜ਼ਗਾਰ ਮਿਸ਼ਨ’ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲੇ ਵਿਚ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦੀ ਲੜੀ ਤਹਿਤ ਅੱਜ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਦੋ ਰੋਜ਼ਾ ਰੋਜ਼ਗਾਰ ਮੇਲੇ ਦਾ ਸ਼ੁੱਭ ਆਰੰਭ ਡਿਪਟੀ ਕਮਿਸ਼ਨਰ ਕਪੂਰਥਲਾ ਇੰਜੀ: ਡੀ. ਪੀ. ਐਸ ਖਰਬੰਦਾ ਨੇ ਕੀਤਾ। ਇਸ ਮੌਕੇ ਉਨਾਂ ਨੌਜਵਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਬੇਹੱਦ ਸਹਾਈ ਸਿੱਧ ਹੋ ਰਹੇ ਹਨ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਇਨਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿਚ ਵੱਡੀ ਗਿਣਤੀ ਵਿਚ ਕੰਪਨੀਆਂ ਭਾਗ ਲੈ ਰਹੀਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਮੇਲੇ ਵਿਚ ਅੱਠਵੀਂ, ਦਸਵੀਂ ਪਾਸ ਤੋਂ ਲੈ ਕੇ ਇੰਜੀਨੀਅਰਿੰਗ ਅਤੇ ਐਮ. ਬੀ. ਏ ਪਾਸ ਤੱਕ ਦੇ ਉਮੀਦਵਾਰ ਇੰਟਰਵਿਊ ਦੇ ਕੇ ਨੌਕਰੀ ਹਾਸਲ ਕਰ ਸਕਦੇ ਹਨ। ਸ. ਭੁੱਲਰ ਨੇ ਦੱਸਿਆ ਕਿ ਜਿਹੜੇ ਪ੍ਰਾਰਥੀ ਕਰਜ਼ਾ ਲੈ ਕੇ ਆਪਣਾ ਕੰਮ ਖੋਲਣਾ ਚਾਹੁੰਦੇ ਹਨ, ਉਨਾਂ ਵਾਸਤੇ ਉਚਿਤ ਪ੍ਰਬੰਧ ਕੀਤੇ ਗਏ ਹਨ, ਜਿਵੇਂ ਕਿ ਜ਼ਿਲਾ ਉਦਯੋਗ ਕੇਂਦਰ, ਲੀਡ ਬੈਂਕ ਪੀ. ਐਨ. ਬੀ ਕਪੂਰਥਲਾ ਆਦਿ ਸੰਸਥਾਵਾਂ ਮੌਕੇ ‘ਤੇ ਉਮੀਦਵਾਰਾਂ ਨੂੰ ਕਰਜ਼ਾ ਸਕੀਮਾਂ ਬਾਰੇ ਜਾਣਕਾਰੀ ਦੇ ਰਹੀਆਂ ਹਨ। ਉਨਾਂ ਕਿਹਾ ਕਿ ਜਿਹੜੇ ਉਮੀਦਵਾਰ ਕਿੱਤਾ ਮੁਖੀ ਟ੍ਰੇਨਿੰਗ ਲੈਣਾ ਚਾਹੁੰਦੇ ਹਨ, ਉਨਾਂ ਲਈ ਪੀ. ਐਨ. ਬੀ. ਆਰ-ਸੇਟੀ, ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਨਿਟਕੋਨ ਵਰਗੀਆਂ ਸੰਸਥਾਵਾਂ ਮੌਕੇ ‘ਤੇ ਹੀ ਟ੍ਰੇਨਿੰਗ ਸਬੰਧੀ ਜਾਣਕਾਰੀ ਉਪਲਬੱਧ ਕਰਵਾ ਰਹੀਆਂ ਹਨ।
ਜ਼ਿਲਾ ਰੋਜ਼ਗਾਰ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿਚ ਅੱਜ 550 ਤੋਂ ਵੱਧ ਉਮੀਦਵਾਰਾਂ ਨੇ ਸ਼ਿਰਕਤ ਕੀਤੀ, ਜਿਨਾਂ ਵਿਚੋਂ 224 ਦੀ ਪਲੇਸਮੈਂਟ ਕੀਤੀ ਗਈ ਹੈ। ਉਨਾਂ ਦੱਸਿਆ ਕਿ ਭਲਕੇ ਮੇਲੇ ਦੇ ਦੂਜੇ ਦਿਨ ਵੱਡੀ ਗਿਣਤੀ ਵਿਚ ਨੌਜਵਾਨ ਪਹੁੰਚ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ੍ਰੀਮਤੀ ਬਬੀਤਾ ਕਲੇਰ, ਜ਼ਿਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਬਲਬੀਰ ਰਾਣੀ ਸੋਢੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!