Latest news

ਫਗਵਾੜਾ ਦੀ ਉੱਪ ਚੋਣ ਪਾਰਦਰਸ਼ੀ, ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾਉਣੀ ਯਕੀਨੀ ਬਣਾਈ ਜਾਵੇਗੀ-ਜ਼ਿਲਾ ਚੋਣ ਅਫ਼ਸਰ *ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ‘ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ *21 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 24 ਨੂੰ ਹੋਵੇਗੀ ਗਿਣਤੀ *30 ਸਤੰਬਰ ਤੱਕ ਦਾਖ਼ਲ ਹੋਣਗੀਆਂ ਨਾਮਜ਼ਦਗੀਆਂ

ਕਪੂਰਥਲਾ, 23 ਸਤੰਬਰ
( ਸ਼ਰਨਜੀਤ ਸਿੰਘ ਸੋਨੀ   ) 

ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 29-ਫਗਵਾੜਾ ਦੀ 21 ਸਤੰਬਰ ਨੂੰ ਉੱਪ ਚੋਣ ਦਾ ਐਲਾਨ ਹੋਣ ਦੇ ਨਾਲ ਹੀ ਫਗਵਾੜਾ ਵਿਧਾਨ ਸਭਾ ਹਲਕੇ ਵਿਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਚੁੱਕਾ ਹੈ। ਇਹ ਪ੍ਰਗਟਾਵਾ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ਖਰਬੰਦਾ ਨੇ ਅੱਜ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨਾਂ ਕਿਹਾ ਕਿ ਇਹ ਚੋਣ ਪਾਰਦਰਸ਼ੀ, ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾਉਣੀ ਯਕੀਨੀ ਬਣਾਈ ਜਾਵੇਗੀ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਉੱਪ ਚੋਣ ਲਈ ਮਤਦਾਨ 21 ਅਕਤੂਬਰ ਨੂੰ ਹੋਵੇਗਾ ਅਤੇ 24 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨਾਂ ਦੱਸਿਆ ਕਿ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਮਿਤੀ 30 ਸਤੰਬਰ 2019 ਹੈ ਅਤੇ ਨਾਮਜ਼ਦਗੀਆਂ ਦੀ ਪੜਤਾਲ 1 ਅਕਤੂਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 3 ਅਕਤੂਬਰ ਹੈ।
ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਫਗਵਾੜਾ ਵਿਚ ਇਸ ਸਮੇਂ 220 ਪੋਲਿੰਗ ਸਟੇਸ਼ਨ, 184829 ਜਨਰਲ ਵੋਟਰ ਅਤੇ 203 ਸਰਵਿਸ ਵੋਟਰ ਹਨ। ਉਨਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਹਲਕੇ ਵਿਚ ਪਬਲਿਕ ਪ੍ਰਾਪਰਟੀ ਉੱਤੇ ਕਿਸੇ ਕਿਸਮ ਦੀ ਰਾਜਨੀਤਿਕ ਸਰਗਰਮੀ ਨਾਲ ਸਬੰਧਤ ਨਾਅਰੇ ਹੱਥ ਲਿਖਤਾਂ ਜਾਂ ਬੈਨਰ, ਇਸ਼ਤਿਹਾਰ ਆਦਿ ਹਟਾਏ ਜਾਣੇ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਉਮੀਦਵਾਰ/ਰਾਜਨੀਤਿਕ ਪਾਰਟੀ ਵੱਲੋਂ ਸਰਕਾਰੀ ਰੈਸਟ ਹਾਊਸ ਜਾਂ ਡਾਕ ਬੰਗਲੇ ਆਦਿ ਤੋਂ ਆਪਣਾ ਚੋਣ ਪ੍ਰਚਾਰ ਜਾਂ ਪ੍ਰਾਪੇਗੰਡਾ/ਪਬਲਿਕ ਮੀਟਿੰਗ ਕਰਨ ਦੀ ਪ੍ਰਵਾਨਗੀ ਨਾ ਦਿੱਤੀ ਜਾਵੇ ਅਤੇ ਨਾ ਹੀ ਕਿਸੇ ਕਿਸਮ ਦੇ ਧਾਰਮਿਕ ਸਥਾਨ ਵਿਚ ਚੋਣ ਪ੍ਰਚਾਰ ਕਰਨ ਦੀ ਆਗਿਆ ਦਿੱਤੀ ਜਾਵੇ।
ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਉੱਪ ਚੋਣ ਵਿਚ ਕੋਈ ਵੀ ਉਮੀਦਵਾਰ 28 ਲੱਖ ਰੁਪਏ ਤੋਂ ਵੱਧ ਰਾਸ਼ੀ ਨਹੀਂ ਖਰਚ ਸਕਦਾ। ਉਨਾਂ ਦੱਸਿਆ ਕਿ ਚੋਣਾਂ ਦੇ ਪ੍ਰਬੰਧਾਂ ਲਈ ਜ਼ਿਲਾ ਪੱਧਰ ਅਤੇ ਹਲਕਾ ਪੱਧਰ ‘ਤੇ ਵੱਖ-ਵੱਖ ਸੈੱਲ ਸਥਾਪਿਤ ਕਰ ਦਿੱਤੇ ਗਏ ਹਨ, ਜਿਨਾਂ ਵਿਚ ਫਲਾਇੰਗ ਸਕੁਐਡ, ਸਟੈਟਿਕ ਸਰਵੇਲੈਂਸ ਟੀਮ, ਵੀਡੀਓ ਵਿਊਇੰਗ ਟੀਮ, ਖ਼ਰਚਾ ਨਿਗਰਾਨ ਸੈੱਲ, ਆਦਰਸ਼ ਚੋਣ ਜ਼ਾਬਤਾ ਅਤੇ ਸ਼ਿਕਾਇਤ ਸੈੱਲ ਆਦਿ ਸ਼ਾਮਿਲ ਹਨ। ਇਸੇ ਤਰਾਂ ਕਿਸੇ ਕਿਸਮ ਦੀ ਪੇਡ ਨਿਊਜ਼ ਨੂੰ ਰੋਕਣ ਲਈ ਐਮ. ਸੀ. ਐਮ. ਸੀ ਦਾ ਗਠਨ ਕੀਤਾ ਗਿਆ ਹੈ। ਉਨਾਂ ਪ੍ਰਿਟਿੰਗ ਪ੍ਰੈੱਸਾਂ ਨੂੰ ਖਾਸ ਤੌਰ ‘ਤੇ ਹਦਾਇਤ ਕੀਤੀ ਕਿ ਚੋਣਾਂ ਦੇ ਸਮੇਂ ਛਾਪੀ ਗਈ ਕਿਸੇ ਵੀ ਸਮੱਗਰੀ ‘ਤੇ ਪ੍ਰਿੰਟਿੰਗ ਪ੍ਰੈੱਸ ਦੇ ਵੇਰਵੇ ਜ਼ਰੂਰ ਛਾਪੇ ਜਾਣ ਅਤੇ ਹਦਾਇਤਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿਚ ਆਰ. ਪੀ. ਐਕਟ 1951 ਦੀ ਧਾਰਾ 127 ਏ (2) ਅਧੀਨ ਕਾਰਵਾਈ ਕੀਤੀ ਜਾਵੇਗੀ।
ਇਸੇ ਦੌਰਾਨ ਉਨਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ ਅਤੇ ਉਨਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਨਿਰਪੱਖ ਚੋਣ ਕਰਵਾਉਣ ਲਈ ਲੋੜੀਂਦੇ ਸਹਿਯੋਗ ਦੀ ਮੰਗ ਕੀਤੀ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਯਕੀਨ ਦਿਵਾਇਆ ਕਿ ਉਹ ਇਸ ਕੰਮ ਵਿਚ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਐਸ. ਡੀ. ਐਮ ਫਗਵਾੜਾ ਸ੍ਰੀ ਲਤੀਫ਼ ਅਹਿਮਦ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਜ਼ਿਲਾ ਮਾਲ ਅਫ਼ਸਰ ਸ੍ਰੀ ਪਰਮਜੀਤ ਸਿੰਘ ਸਹੋਤਾ, ਚੋਣ ਤਹਿਸੀਲਦਾਰ ਸ੍ਰੀਮਤੀ ਮਨਜੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

error: Content is protected !!