Latest news

ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਝਾੜ, ਅੰਦੋਲਨ ’ਚ ਕਿਸਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਸਰਕਾਰ ਕਾਨੂੰਨਾਂ ’ਤੇ ਰੋਕ ਲਾਏਗੀ ਜਾਂ ਫਿਰ ਕੋਰਟ ਕੋਈ ਹੁਕਮ ਜਾਰੀ ਕਰੇ

ਨਵੀਂ ਦਿੱਲੀ, 11 ਜਨਵਰੀ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਤਿੰਨ ਖੇਤੀ ਕਾਨੂੰਨਾਂ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਅਤੇ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਦੀ ਚੰਗੀ ਝਾੜਝੰਬ ਕੀਤੀ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਅੰਦੋਲਨ ’ਚ ਕਿਸਾਨਾਂ ਦੀ ਜਾਨ ਜਾ ਰਹੀ ਹੈ, ਅਜਿਹੇ ਵਿੱਚ ਸਰਕਾਰ ਇਨ੍ਹਾਂ ਕਾਨੂੰਨਾਂ ’ਤੇ ਰੋਕ ਲਗਾਏਗੀ ਜਾਂ ਫਿਰ ਅਦਾਲਤ ਹੀ ਕੋਈ ਹੁਕਮ ਜਾਰੀ ਕਰੇ। ਅਦਾਲਤ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਜਿਸ ਤਰ੍ਹਾਂ ਨਾਲ ਸਰਕਾਰ ਤੇ ਕਿਸਾਨਾਂ ਦਰਮਿਆਨ ਗੱਲਬਾਤ ਚੱਲ ਰਹੀ ਹੈ, ਉਸ ਤੋਂ ਉਹ ਬੇਹੱਦ ਨਿਰਾਸ਼ ਹੈ। ਸੁਪਰੀਮ ਕੋਰਟ ਨੇ ਆਰ.ਐੱਮ.ਲੋਢਾ ਸਹਿਤ ਸਮੇਤ ਸਾਰੇ ਸਾਬਕਾ ਚੀਫ ਜਸਟਿਸਾਂ ਦੇ ਨਾਂ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਪ੍ਰਦਰਸ਼ਨਾਂ ਦਾ ਸੰਭਾਵੀ ਹੱਲ ਲੱਭਣ ਵਾਲੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਦਿੱਤੇ। ਚੀਫ਼ ਜਸਟਿਸ ਬੋਬੜੇ ਨੇ ਕਿਹਾ, ‘ਮੈਂ ਇਹ ਕਹਿਣ ਦਾ ਜੋਖ਼ਮ ਚੁੱਕਣਾ ਚਾਹੁੰਦਾ ਹਾਂ ਕਿ ਪ੍ਰਦਰਸ਼ਨ ਕਰ ਰਹੇ ਕਿਸਾਨ ਆਪਣੇ ਘਰਾਂ ਨੂੰ ਮੁੜਨ। ਅਸੀਂ, ਸਾਡੇ ਵੱਲੋਂ ਨਿਯਕੁਤ ਕੀਤੀ ਜਾਣ ਵਾਲੀ ਕਮੇਟੀ ਜ਼ਰੀੲੇ ਖੇਤੀ ਕਾਨੂੰਨਾਂ ਦੀ ਮੁਸ਼ਕਲ ਦੇ ਹੱਲ ਲਈ ਹੁਕਮ ਜਾਰੀ ਕਰਨ ਦੀ ਤਜਵੀਜ਼ ਰੱਖ ਰਹੇ ਹਾਂ।’ ਸੁਪਰੀਮ ਕੋਰਟ ਨੇ ਕਿਹਾ ਕਿ ਸਾਨੂੰ ਇਹ ਕਹਿੰਦਿਆਂ ਅਫਸੋਸ ਹੈ ਕਿ ਕੇਂਦਰ ਇਸ ਸਮੱਸਿਆ ਤੇ ਕਿਸਾਨ ਪ੍ਰਦਰਸ਼ਨਾਂ ਦਾ ਕੋਈ ਹੱਲ ਨਹੀਂ ਕੱਢ ਸਕੀ।

ਸਿਖਰਲੀ ਅਦਾਲਤ ਨੇ ਕੇਂਦਰ ਨੂੰ ਸਵਾਲ ਪੁੱਛਿਆ ‘ਕੀ ਚੱਲ ਰਿਹਾ ਹੈ? ਸੂਬਾ ਸਰਕਾਰਾਂ ਵੱਲੋਂ ਤੁਹਾਡੇ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹੈ।’ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਹਾਲ ਦੀ ਘੜੀ ਖੇਤੀ ਕਾਨੂੰਨਾਂ ’ਤੇ ਲੀਕ ਮਾਰਨ ਦੀ ਗੱਲ ਨਹੀਂ ਕਰ ਰਹੀ ਤੇ ਮੌਜੂਦਾ ਹਾਲਾਤ ਬੜੇ ਨਾਜ਼ੁਕ ਹਨ। ਤਿੰਨ ਮੈਂਬਰੀ ਬੈਂਚ ਨੇ ਕੇਂਦਰ ਸਰਕਾਰ ਨੂੰ ਕਿਹਾ, ‘ਸਾਨੂੰ ਨਹੀਂ ਪਤਾ ਕਿ ਤੁਸੀਂ ਇਸ ਮਸਲੇ ਦੇ ਹੱਲ ਦਾ ਹਿੱਸਾ ਹੋ ਜਾਂ ਇਸ ਸਮੱਸਿਆ ਦਾ। ਸਾਡੇ ਕੋਲ ਇਕ ਵੀ ਅਜਿਹੀ ਪਟੀਸ਼ਨ ਨਹੀਂ ਹੈ, ਜੋ ਇਹ ਆਖਦੀ ਹੋਵੇ ਕਿ ਇਹ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਹਨ।

ਜਸਟਿਸ ਏ.ਐੱਸ.ਬੋਪੰਨਾ ਤੇ ਵੀ.ਰਾਮਾਸੁਬਰਾਮਨੀਅਨ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕੇਂਦਰ ਦੀ ਖਿਚਾਈ ਕਰਦਿਆਂ ਕਿਹਾ, ‘‘ਜੇਕਰ ਤੁਸੀਂ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋ, ਅਤੇ ਜੇ ਤੁਸੀਂ ਇਹ ਕਹਿੰਦੇ ਹੋ ਕਿ ਕਾਨੂੰਨਾਂ ’ਤੇ ਅਮਲ ਨੂੰ ਰੋਕ ਦਿਓਗੇ, ਅਸੀਂ ਫੈਸਲਾ ਲੈਣ ਲਈ ਕਮੇਟੀ ਗਠਿਤ ਕਰਾਂਗੇ। ਪਰ ਸਾਨੂੰ ਇਹ ਸਮਝ ਨਹੀਂ ਆਉਂਦੀ ਕਾਨੂੰਨਾਂ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਕਰਨ ਲਈ ਇਨ੍ਹਾਂ ਜ਼ੋਰ ਕਿਉਂ ਪਾਇਆ ਜਾ ਰਿਹੈ।’ ਸੁਪਰੀਮ ਕੋਰਟ ਨੇ ਕਿਹਾ, ‘ਸਾਡਾ ਇਰਾਦਾ ਬਿਲਕੁਲ ਸਾਫ਼ ਹੈ। ਅਸੀਂ ਚਾਹੁੰਦੇ ਹਾਂ ਕਿ ਇਸ ਮਸਲੇ ਦਾ ਦੋਸਤਾਨਾ ਹੱਲ ਨਿਕਲੇ। ਇਹੀ ਵਜ੍ਹਾ ਹੈ ਕਿ ਅਸੀਂ ਪਿਛਲੀ ਸੁਣਵਾਈ ਦੌਰਾਨ ਤੁਹਾਨੂੰ ਪੁੱਛਿਆ ਸੀ ਕਿ ਤੁਸੀਂ ਇਨ੍ਹਾਂ ਕਾਨੂੰਨਾਂ ਦੇ ਅਮਲ ’ਤੇ ਰੋਕ ਕਿਉਂ ਨਹੀਂ ਲਾਉਂਦੇ? ਪਰ ਤੁਸੀਂ ਸਮਾਂ ਮੰਗਦੇ ਰਹੇ। ਅਸੀਂ ਕਾਨੂੰਨ ਦੇ ਗੁਣਾ ਦੋਸ਼ਾਂ ’ਚ ਨਹੀਂ ਜਾ ਰਹੇ। ਅਸੀਂ ਇਨ੍ਹਾਂ ਨੂੰ ਰੱਦ ਕੀਤੇ ਜਾਣ ਦੀ ਗੱਲ ਵੀ ਨਹੀਂ ਕਰ ਰਹੇ, ਪਰ ਹਾਲਾਤ ਬਹੁਤ ਨਾਜ਼ੁਕ ਹਨ।’ ਚੀਫ਼ ਜਸਟਿਸ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਕਹਿਣਾ ਕਿ ਪਿਛਲੀ ਸਰਕਾਰ ਨੇ ਇਸ ਨੂੰ ਸ਼ੁਰੂ ਕੀਤਾ ਸੀ, ਨਾਲ ਵੀ ਕੋਈ ਮਦਦ ਨਹੀਂ ਮਿਲਣੀ। ਸਾਨੂੰ ਨਹੀਂ ਪਤਾ ਕਿ ਤੁਸੀਂ ਇਸ ਮਸਲੇ ਦਾ ਹਿੱਸਾ ਹੋ ਜਾਂ ਹੱਲ ਦਾ।’ ਉਧਰ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ, ‘ਅਸੀਂ ਇਸ ਮਸਲੇ ਦੇ ਹੱਲ ਦਾ ਹਿੱਸਾ ਹਾਂ….ਸਾਡੇ ਕੋਈ ਕਈ ਕਿਸਾਨ ਜਥੇਬੰਦੀਆਂ ਨੇ ਪਹੁੰਚ ਕਰਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਪ੍ਰਗਤੀਸ਼ੀਲ ਦੱਸਿਆ ਹੈ। ਹੋਰਨਾਂ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਨਾਲ ਕੋਈ ਸਮੱਸਿਆ ਨਹੀਂ।’ ਚੀਫ਼ ਜਸਟਿਸ ਨੇ ਕਿਹਾ ਕਿ ਜੇਕਰ ਸਰਕਾਰ ਖੁ਼ਦ ਤੋਂ ਕੁਝ ਨਹੀਂ ਕਰਦੀ ਤਾਂ ਉਹ ਇਨ੍ਹਾਂ ਕਾਨੂੰਨਾਂ ’ਤੇ ਰੋਕ ਲਾ ਸਕਦੀ ਹੈ। ਬੈਂਚ ਨੇ ਕਿਹਾ, ‘ਲੋਕ ਖੁ਼ਦਕੁਸ਼ੀਆਂ ਕਰ ਰਹੇ ਹਨ। ਲੋਕ ਨਾਮ ਲੈ ਰਹੇ ਹਨ। ਲੋਕਾਂ ਨੂੰ ਅਤਿ ਦੀ ਠੰਢ ਤੇ ਕਰੋਨਾ ਮਹਾਮਾਰੀ ਨਾਲ ਜੂਝਣਾ ਪੈ ਰਿਹੈ।

Leave a Reply

Your email address will not be published. Required fields are marked *

error: Content is protected !!