Latest news

ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪ੍ਰਕਾਸ਼ ਪੁਰਬ ਦੇ ਸਬੰਧ ‘ਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ।

 

ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਚਾਰ ਸਾਂਝੇ ਕਰਦਿਆਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸੇਵਾ ਨਿਭਾਉਣ ਵਾਲੀਆਂ ਸਭਾ-ਸੁਸਾਇਟੀਆਂ ਅਤੇ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਨ ਵਾਲੀ ਮੁੰਬਈ ਦੀ ਸੰਗਤ ਦਾ ਧੰਨਵਾਦ ਵੀ ਕੀਤਾ।
ਇਸ ਉਪਰੰਤ ਲਗਾਤਾਰ ਸਜਾਏ ਗਏ ਧਾਰਮਿਕ ਦੀਵਾਨਾਂ ‘ਚ ਕੌਮ ਦੇ ਮਹਾਨ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸੰਗਤ ਲਈ ਆਕਰਸ਼ਣ ਦਾ ਕੇਂਦਰ ਬਣੇ।

Leave a Reply

Your email address will not be published. Required fields are marked *

error: Content is protected !!