ਫਗਵਾੜਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਕਿਹਾ ਕਿ ਪੰਜਾਬ ਵਿੱਚ ਗਰੀਬ, ਕਿਸਾਨ ਤੇ ਮਜ਼ਦੂਰ ਹੁਣ ਭ੍ਰਿਸ਼ਟਾਚਾਰ ਵਿਚ ਡੁੱਬਦੀ ਤੇ ਘੁਟਾਲਿਆਂ ਨਾਲ ਭਰਪੂਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੁੰ ਚਲਦਾ ਕਰਨ ਲਈ ਇਕਜੁੱਟ ਹੋ ਗਏ ਹਨ। ਉਹ ਇਥੇ ਬਹੁਜਨ ਸਮਾਜ ਪਾਰਟੀ ਵੱਲੋਂ ਆਯੋਜਿਤ ਵਿਸ਼ਾਲ ਅਲਖ ਜਗਾਓ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਰੈਲੀ ਵਿਚ ਦਲਿਤਾਂ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਨੇ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਬਸਪਾ ਨੇ ਇਸ ਮੌਕੇ ਜਸਵੀਰ ਸਿੰਘ ਗੜ੍ਹੀ ਨੂੰ ਫਗਵਾੜਾ ਤੋਂ ਪਾਰਟੀ ਉਮੀਦਵਾਰ ਐਲਾਨਿਆ।
ਸੁਖਬੀਰ ਬਾਦਲ ਨੇ ਕਿਹਾ ਕਿ ਇਸ ਇਤਿਹਾਸਕ ਰੈਲੀ ਨੇ ਪੰਜਾਬ ਵਿਚ ਤਬਦੀਲੀ ਦੀ ਨੀਂਹ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਪਸ਼ਟ ਹੈ ਕਿ ਲੋਕ ਸੂਬੇ ਦੀ ਵਾਗਡੋਰ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਹੱਥ ਵਿਚ ਸੌਂਪਣਾ ਚਾਹੁੰਦੇ ਹਨ ਤਾਂ ਜੋ ਪ੍ਰਕਾਸ਼ ਸਿੰਘ ਬਾਦਲ ਤੇ ਸਤਿਕਾਰਯੋਗ ਕਾਂਸ਼ੀ ਰਾਮ ਦੇ ਆਦਰਸ਼ਾਂ ਦੀ ਪਾਲਣਾ ਕੀਤੀ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੋਵੇਂ ਪਾਰਟੀਆਂ ਬਾਹਰਲਿਆਂ ਨੂੰ ਹਰਾਉਣ ਲਈ ਇਕਜੁੱਟ ਹੋਈਆਂ ਹਨ। ਉਨ੍ਹਾਂ ਨੇ ਬਸਪਾ ਮੁਖੀ ਕੁਮਾਰੀ ਮਾਇਆਵਤੀ ਦੀ ਵੀ ਸੋਚ ਦੀ ਸਪਸ਼ਟਤਾ ‘ਤੇ ਅਕਾਲੀ ਦਲ ਨਾਲ ਗਠਜੋੜ ਕਾਇਮ ਕਰਨ ਵਿੱਚ ਫੁਰਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਵੱਲੋਂ ਕਿਸਾਨ ਸੰਘਰਸ਼ ਦੀ ਸੰਸਦ ਵਿਚ ਅਕਾਲੀ ਦਲ ਨਾਲ ਮਿਲ ਕੇ ਡਟਵੀਂ ਹਮਾਇਤ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸਿੱਧਾ ਹਮਲਾ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਸੱਤਾਧਾਰੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦਾ ਇਕ ਨੁਕਾਤੀ ਏਜੰਡਾ ਪੰਜਾਬ ਨੂੰ ਲੁੱਟਣਾ ਹੈ ਅਤੇ ਉਹਨਾਂ ਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਲੋਕਾਂ ਲਈ ਇਕ ਵੀ ਚੰਗਾ ਕੰਮ ਨਹੀਂ ਕੀਤਾ।
ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਲੋਕਾਂ ਨੁੰ ਗੁੰਮਰਾਹ ਕੀਤਾ ਤੇ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰਨ, ਘਰ ਘਰ ਨੌਕਰੀ ਤੇ ਹੋਰ ਵਾਅਦਿਆਂ ਨਾਲ ਸਮਾਜ ਦੇ ਹਰ ਵਰਗ ਨੁੰ ਮੂਰਖ ਬਣਾਇਆ ਕਿਉਂਕਿ ਇਹ ਅਜਿਹਾ ਕੁਝ ਵੀ ਨਹੀਂ ਹੋਇਆ ਤੇ ਨਾ ਹੀ ਬੇਰੋਜ਼ਗਾਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ 13 ਨੁਕਾਤੀ ਏਜੰਡਾ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਘਰ ਨੁੰ ਹਰ ਮਹੀਨੇ 400 ਯੂਨਿਟ ਬਿਜਲੀ ਮੁਫਤ ਮਿਲੇਗੀ ਅਤੇ ਦੋ ਮਹੀਨਿਆਂ ਵਿਚ 800 ਯੂਨਿਟ ਬਿਜਲੀ ਮੁਫਤ ਮਿਲੇਗੀ।
ਰੈਲੀ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਤੇ ਬਸਪਾ ਦੇ ਕੌਮੀ ਕੋਆਰਡੀਨੇਟਰ ਰਾਮਜੀ ਗੌਤਮ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀਆਂ ਯੂਪੀਏ ਸਰਕਾਰਾਂ ਭ੍ਰਿਸ਼ਟਾਚਾਰ ਵਿਚ ਡੁੱਬੀਆਂ ਸਨ ਭਾਵੇਂ ਉਹ 2 ਜੀ ਘੁਟਾਲਾ ਹੋਵੇ ਜਾਂ ਫਿਰ ਕੋਲਾ ਘੁਟਾਲਾ। ਉਨ੍ਹਾਂ ਕਿਹਾ ਕਿ ਬਸਪਾ ਹਮੇਸ਼ਾ ਕਿਸਾਨਾਂ ਨਾਲ ਸੀ ਅਤੇ ਰਹੇਗੀ। ਉਹਨਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਕਿਸਾਨਾਂ ਵੱਲੋਂ ਐਲਾਨ ਕੀਤੇ ਰੋਸ ਮਾਰਚ ਵਿਚ ਵੀ ਸ਼ਮੂਲੀਅਤ ਕੀਤੀ ਅਤੇ ਸਿੰਘੂ ਬਾਰਡਰ ’ਤੇ ਸੰਘਰਸ਼ ਵਿਚ ਵੀ ਸਾਮਲ ਹੋਏ।
ਇਸ ਮੌਕੇ ਬਸਪਾ ਦੇ ਕੌਮੀ ਕੋਆਰਡੀਨੇਟਰ ਆਕਾਸ਼ ਆਨੰਦ ਨੇ ਕਿਹਾ ਕਿ 2022 ਵਿੱਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ਦੇ ਛੇ ਮਹੀਨਿਆਂ ਅੰਦਰ ਹੀ ਅਸੀਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿਆਂਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਧੀਰ ਬੈਨੀਵਾਲ ਇੰਚਾਰਜ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਅਤੇ ਸਾਬਕਾ ਮੰਤਰੀ ਡਾ ਦਲਜੀਤ ਸਿੰਘ ਚੀਮਾ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ।