ਪੰਜਾਬ ਸਰਕਾਰ ਐੱਸ. ਸੀ. ਸਕਾਲਰਸ਼ਿਪ ਘਪਲੇ ਨੂੰ ਲੈ ਕੇ ਐਕਸ਼ਨ ਮੋਡ ਵਿਚ ਹੈ। ਸੂਬਾ ਸਰਕਾਰ ਵੱਲੋਂ ਇਸ ਮੁੱਦੇ ‘ਤੇ ਵੱਡਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਘਪਲੇ ਵਿਚ ਸ਼ਾਮਲ ਦੋਸ਼ੀਆਂ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ ਤੇ ਇਸ ਘਪਲੇ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਡਾ. ਵੇਰਕਾ ਨੇ ਕਿਹਾ ਕਿ 100 ਕਰੋੜ ਰੁਪਏ ਬਕਾਇਆ ਵੀ ਜਮ੍ਹਾ ਕਰਵਾਉਣ ਦੇ ਹੁਕਮ ਕਾਲਜਾਂ ਨੂੰ ਜਾਰੀ ਕਰ ਦਿੱਤੇ ਗਏ ਹਨ ਤੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਕੈਪਟਨ ਸਰਕਾਰ ਵੇਲੇ ਸਾਧੂ ਸਿੰਘ ਧਰਮਸੋਤ ਨੂੰ ਐੱਸ. ਸੀ. ਘਪਲੇ ਵਿਚ ਕਲੀਨ ਚਿੱਟ ਦੇ ਦਿੱਤੀ ਗਈ ਸੀ ਜਿਸ ਦਾ ਅਕਾਲੀ ਦਲ ਤੇ ਆਪ ਵੱਲੋਂ ਕਾਫੀ ਵਿਰੋਧ ਕੀਤਾ ਗਿਆ ਸੀ। ਪਰ ਹੁਣ ਨਵੀਂ ਚੰਨੀ ਸਰਕਾਰ ਬਣਨ ‘ਤੇ ਮੁੱਦਾ ਫਿਰ ਤੋਂ ਤੂਲ ਫੜਦਾ ਜਾ ਰਿਹਾ ਹੈ ਜਿਸ ਦਾ ਸਖਤ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਵੇਰਕਾ ਨੇ ਦੋਸ਼ੀਆਂ ਖਿਲਾਫ ਐੱਫ. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਕਾਲਜਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਵੱਲੋਂ ਜਾਰੀ ਕੀਤੀਆਂ ਗਾਈਡਲਾਈਨਜ਼ ਤਹਿਤ ਪੂਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਤੋਂ ਵੀ ਰਾਏ ਲੈ ਲਈ ਗਈ ਹੈ ਤੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪਹਿਲਾਂ ਤੋਂ ਹੀ 5 ਵਿਅਕਤੀਆਂ ਦੀ ਨਾਮਜ਼ਦਗੀ ਕੀਤੀ ਗਈ ਹੈ ਤੇ ਹੋਰਨਾਂ ਖਿਲਾਫ ਵੀ ਹੁਣ ਕਾਰਵਾਈ ਕੀਤੀ ਜਾਵੇਗੀ। SC ਸਕਾਲਰਸ਼ਿਪ ਮਾਮਲੇ ਵਿਚ 63.3 ਕਰੋੜ ਰੁਪਏ ਦਾ ਘਪਲਾ ਹੋਇਆ ਸੀ ਤੇ ਇਸ ਪੂਰੇ ਮਾਮਲੇ ਵਿਚ ਕਈ ਵੱਡੇ ਕਾਲਜਾਂ ਦੀ ਵੀ ਸ਼ਮੂਲੀਅਤ ਸੀ।