ਪੰਜਾਬ ਲੋਕ ਕਾਂਗਰਸ (Punjab Lok Congress) ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਪਹੁੰਚੇ ਹਨ।
ਇੱਥੇ ਆਗਾਮੀ ਪੰਜਾਬ ਚੋਣਾਂ ਲਈ ਭਾਜਪਾ ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਦੋਵਾਂ ਆਗੂਆਂ ਵਿਚਾਲੇ ਗੱਲਬਾਤ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਵਿੱਚ ਕੁੱਲ 117 ਸੀਟਾਂ ਹਨ।
ਇਕ ਪਾਸੇ ਜਿਥੇ ਸੀਨੀਅਰ ਆਗੂਆਂ ਦਾ ਮੰਨਣਾ ਹੈ ਕਿ ਸਾਬਕਾ ਮੁੱਖ ਮੰਤਰੀ ਦਾ ਤਜਰਬਾ ਹਲਕਿਆਂ ਨੂੰ ਸਮਝਣ ਵਿੱਚ ਸਹਾਈ ਹੋਵੇਗਾ, ਉਥੇ ਕੈਪਟਨ ਬਹੁਤੀ ਸੌਦੇਬਾਜ਼ੀ ਕਰਨ ਦੀ ਸਥਿਤੀ ਵਿੱਚ ਨਹੀਂ ਜਾਪ ਰਹੇ ਹਨ।
ਗਠਜੋੜ ਦੀਆਂ ਸੀਟਾਂ ਦਾ ਵੱਡਾ ਹਿੱਸਾ ਭਾਜਪਾ ਨੂੰ ਜਾਵੇਗਾ। ਪਾਰਟੀ ਲੰਬੇ ਸਮੇਂ ਤੋਂ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਨਾਲ ਆਪਣੇ ਤਜ਼ਰਬੇ ਨੂੰ ਦੇਖਦੇ ਹੋਏ ਸੂਬੇ ਵਿੱਚ ਆਪਣੇ ਸੰਗਠਨ ਨੂੰ ਵਧਾਉਣ ਅਤੇ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।