ਚੰਡੀਗੜ੍ਹ/ਸੰਗਰੂਰ: AAP wind Punjab Election 2022: ਪੰਜਾਬ (Punjab) ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਇਤਿਹਾਸਕ ਜਿੱਤ ਤੋਂ ਬਾਅਦ ਭਗਵੰਤ ਮਾਨ (Bhagwant Mann) ਨੇ ਆਪਣੀ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਨਾਲ ਸੰਗਰੂਰ (Sangrur) ਵਿੱਚ ਆਪਣੇ ਘਰ ਦੇ ਬਾਹਰ ਲੋਕਾਂ ਨੂੰ ਸੰਬੋਧਨ ਕੀਤਾ। ਚੋਣ ਨਤੀਜਿਆਂ ਦੇ ਸ਼ੁਰੂਆਤੀ ਰੁਝਾਨਾਂ ਤੋਂ ਬਾਅਦ ਹੀ ਹਜ਼ਾਰਾਂ ਲੋਕ ਜਿੱਤ ਦਾ ਜਸ਼ਨ ਮਨਾਉਣ ਲਈ ਮਾਨ ਦੇ ਘਰ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ।
ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਸਮੂਹ ਪੰਜਾਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਸੀਂ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ, ਹੁਣ ਜ਼ਿੰਮੇਵਾਰੀ ਨਿਭਾਉਣ ਦੀ ਮੇਰੀ ਵਾਰੀ ਹੈ। ਮਾਨ ਨੇ ਭਰੋਸਾ ਦਿੱਤਾ, “ਸਾਡੇ ਇਰਾਦੇ ਨੇਕ ਹਨ, ਇਸੇ ਕਰਕੇ ਪੰਜਾਬ ਦੇ ਲੋਕਾਂ ਨੇ ਸਾਡੇ ‘ਤੇ ਭਰੋਸਾ ਕੀਤਾ ਹੈ। ਮੇਰੇ ‘ਤੇ ਭਰੋਸਾ ਕਰੋ, ਇੱਕ ਮਹੀਨੇ ਵਿੱਚ ਤਬਦੀਲੀ ਦਿਖਾਈ ਦੇਵੇਗੀ. ਹੁਣ ਸਰਕਾਰੀ ਕਰਮਚਾਰੀਆਂ ਦੇ ਦਫ਼ਤਰ ਨਹੀਂ ਜਾਣਾ ਪਵੇਗਾ। ਸਰਕਾਰੀ ਅਧਿਕਾਰੀ ਬਹਾਨੇ ਬਣਾ ਕੇ ਤੁਹਾਡੇ ਕੰਮਾਂ ਵਿੱਚ ਰੁਕਾਵਟ ਨਹੀਂ ਬਣਨਗੇ। ਹੁਣ ਲੋਕ ਸੇਵਕ ਤੁਹਾਡੇ ਘਰਾਂ ਅਤੇ ਮੁਹੱਲਿਆਂ ਵਿੱਚ ਆਪਣਾ ਕੰਮ ਕਰਨ ਲਈ ਆਉਣਗੇ।”
ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਾਨੂੰ ਗਾਲ੍ਹਾਂ ਕੱਢੀਆਂ, ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ। ਪਰ ਅਸੀਂ ਸਾਰਿਆਂ ਨੂੰ ਮੁਆਫ਼ ਕਰ ਦਿੱਤਾ ਹੈ, ਬਸ਼ਰਤੇ ਉਹ ਹੁਣ ਸਾਢੇ ਤਿੰਨ ਕਰੋੜ ਪੰਜਾਬੀਆਂ ਦਾ ਸਤਿਕਾਰ ਕਰਨ ਲੱਗ ਜਾਣ। ਮਾਨ ਨੇ ਕਿਹਾ ਕਿ ਕਾਂਗਰਸ-ਅਕਾਲੀ ਸਰਕਾਰਾਂ ਦੌਰਾਨ ਪੰਜਾਬ ਸਬੰਧੀ ਫੈਸਲੇ ਮੋਤੀ ਮਹਿਲ, ਸਿਸਵਾਂ ਫਾਰਮ ਹਾਊਸ ਅਤੇ ਵੱਡੀਆਂ ਹਵੇਲੀਆਂ ਵਿੱਚ ਲਏ ਜਾਂਦੇ ਸਨ। ਹੁਣ ਪੰਜਾਬ ਦੀ ਸਰਕਾਰ ਪਿੰਡਾਂ ਤੇ ਮੁਹੱਲਿਆਂ ਤੋਂ ਚੱਲੇਗੀ।
ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸਾਨੂੰ ਵੋਟ ਨਹੀਂ ਪਾਈ ਉਨ੍ਹਾਂ ਨੂੰ ਕਿਸੇ ਕਿਸਮ ਦੇ ਸ਼ੱਕ ਜਾਂ ਡਰ ਦੀ ਲੋੜ ਨਹੀਂ ਹੈ। ਮੈਂ ਉਨ੍ਹਾਂ ਦਾ ਮੁੱਖ ਮੰਤਰੀ ਵੀ ਹਾਂ। ਮੇਰਾ ਸਾਰਿਆਂ ਪ੍ਰਤੀ ਇੱਕੋ ਜਿਹਾ ਪਿਆਰ ਅਤੇ ਹਮਦਰਦੀ ਹੈ। ਅਸੀਂ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਦੀ ਬਿਹਤਰੀ ਲਈ ਕੰਮ ਕਰਾਂਗੇ ਅਤੇ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾਵਾਂਗੇ।
ਮਾਨ ਨੇ ਕਿਹਾ ਕਿ ਮੈਨੂੰ ਸਭ ਤੋਂ ਵੱਧ ਚਿੰਤਾ ਬੇਰੁਜ਼ਗਾਰੀ ਤੋਂ ਹੈ। ਬੇਰੁਜ਼ਗਾਰ ਨੌਜਵਾਨ ਵਿਦੇਸ਼ ਜਾਣ ਲਈ ਮਜਬੂਰ ਹਨ ਜਾਂ ਨਸ਼ਿਆਂ ਦੀ ਦਲਦਲ ਵਿੱਚ ਧਸ ਜਾਂਦੇ ਹਨ। ਪੰਜਾਬ ਮਹਿੰਗੀ ਉੱਚ ਸਿੱਖਿਆ ਅਤੇ ਰੁਜ਼ਗਾਰ ਦੀ ਘਾਟ ਕਾਰਨ ਪੈਸਾ ਅਤੇ ਪ੍ਰਤਿਭਾ ਗੁਆ ਰਿਹਾ ਹੈ। ਮੁੱਖ ਮੰਤਰੀ ਦੀ ਜਿੰਮੇਵਾਰੀ ਸੰਭਾਲਣ ਤੋਂ ਬਾਅਦ ਪਹਿਲੇ ਦਿਨ ਹੀ ਪੰਜਾਬ ਵਿੱਚੋਂ ਬੇਰੁਜ਼ਗਾਰੀ ਦੇ ਖਾਤਮੇ ਲਈ ਆਪਣਾ ਅਹੁਦਾ ਸੰਭਾਲਾਂਗਾ। ਅਸੀਂ ਪੰਜਾਬ ਵਿੱਚ ਢੁਕਵੇਂ ਮੌਕੇ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹਾਂ।
ਮਾਨ ਨੇ ਦੁਹਰਾਇਆ ਕਿ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਮੁੱਖ ਮੰਤਰੀ ਅਤੇ ਆਗੂਆਂ ਦੀਆਂ ਤਸਵੀਰਾਂ ਨਹੀਂ ਲੱਗਣਗੀਆਂ। ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਸਰਕਾਰੀ ਦਫ਼ਤਰਾਂ ਵਿੱਚ ਲਗਾਈਆਂ ਜਾਣਗੀਆਂ। ਭਗਤ ਸਿੰਘ ਨੇ ਸਾਡੀ ਆਜ਼ਾਦੀ ਲਈ ਲੜਾਈ ਲੜੀ ਅਤੇ ਆਪਣੀ ਜਾਨ ਕੁਰਬਾਨ ਕੀਤੀ ਅਤੇ ਆਜ਼ਾਦੀ ਤੋਂ ਬਾਅਦ ਬਾਬਾ ਸਾਹਿਬ ਨੇ ਦੇਸ਼ ਦਾ ਸੰਵਿਧਾਨ ਲਿਖ ਕੇ ਸਾਨੂੰ ਆਜ਼ਾਦੀ ਅਤੇ ਬਰਾਬਰੀ ਦਾ ਅਧਿਕਾਰ ਦਿੱਤਾ। ਉਨ੍ਹਾਂ ਦੀਆਂ ਕਦਰਾਂ-ਕੀਮਤਾਂ ਦਾ ਪਾਲਣ ਕਰਨਾ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਸਾਡਾ ਫਰਜ਼ ਹੈ।
ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬੀਆਂ ‘ਤੇ ਮਾਣ ਹੈ ਜੋ ਭਗਤ ਸਿੰਘ ਦੇ ਇਨਕਲਾਬ ਨੂੰ ਜਿੰਦਾ ਰੱਖ ਰਹੇ ਹਨ। ਇੱਕ ਪੰਜਾਬੀ ਹੋਣ ਦੇ ਨਾਤੇ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੇ ਮਾਰਗ ‘ਤੇ ਚੱਲ ਕੇ ਉਨ੍ਹਾਂ ਨੂੰ ਸਤਿਕਾਰ ਦੇਈਏ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਰਾਜ ਭਵਨ ਵਿੱਚ ਸਹੁੰ ਚੁੱਕਦੇ ਸਨ। ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਾਂਗਾ।
ਭਗਵੰਤ ਮਾਨ ਦੀ ਮਾਂ ਹਰਪਾਲ ਕੌਰ ਹੋਈ ਭਾਵੁਕ
ਭਗਵੰਤ ਮਾਨ ਤੋਂ ਪਹਿਲਾਂ ਉਨ੍ਹਾਂ ਦੀ ਛੋਟੀ ਭੈਣ ਮਨਪ੍ਰੀਤ ਕੌਰ ਅਤੇ ਉਨ੍ਹਾਂ ਦੀ ਮਾਤਾ ਹਰਪਾਲ ਕੌਰ ਨੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਮਾਨ ਨੂੰ ਮੁੱਖ ਮੰਤਰੀ ਚੁਣੇ ਜਾਣ ‘ਤੇ ਲੋਕਾਂ ਦਾ ਧੰਨਵਾਦ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਮਾਨ ਨੂੰ ਜੱਫੀ ਪਾ ਕੇ ਕਾਫੀ ਭਾਵੁਕ ਹੋ ਗਏ।