ਸੁਪਰੀਮ ਕੋਰਟ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੀਬੀਆਈ ਜਾਂਚ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਟੀਸ਼ਨ ‘ਤੇ ਟਿੱਪਣੀ ਕਰਦਿਆਂ ਅਦਾਲਤ ਨੇ ਕਿਹਾ ਕਿ ਇਸ ਮਾਮਲੇ ਨੂੰ ਸਿਆਸੀ ਰੰਗ ਨਹੀਂ ਦਿੱਤਾ ਜਾਣਾ ਚਾਹੀਦਾ।
ਇਹ ਪਟੀਸ਼ਨ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਭਾਜਪਾ ਆਗੂ ਜਗਬੀਰ ਸਿੰਘ ਵੱਲੋਂ ਦਾਇਰ ਕੀਤੀ ਗਈ ਸੀ। ਸੁਪਰੀਮ ਕੋਰਟ ਵੱਲੋਂ ਪਟੀਸ਼ਨ ‘ਤੇ ਸੁਣਵਾਈ ਤੋਂ ਇਨਕਾਰ ਕਰਨ ਤੋਂ ਬਾਅਦ ਜਗਬੀਰ ਸਿੰਘ ਦੇ ਵਕੀਲ ਨੇ ਪਟੀਸ਼ਨ ਵਾਪਸ ਲੈ ਲਈ।
ਪੰਜਾਬ ਸਰਕਾਰ ਦੀ ਜਾਂਚ ‘ਤੇ ਤਸੱਲੀ ਪ੍ਰਗਟਾਈ
ਸੁਪਰੀਮ ਕੋਰਟ ਨੇ ਪਟੀਸ਼ਨਰ ਜਗਬੀਰ ਸਿੰਘ ਦੇ ਵਕੀਲ ਨੂੰ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਦੀ ਆਪਣੇ ਪੱਧਰ ਤੋਂ ਜਾਂਚ ਕਰਵਾ ਰਹੀ ਹੈ ਅਤੇ ਜਾਂਚ ਸਹੀ ਦਿਸ਼ਾ ਵਿੱਚ ਜਾ ਰਹੀ ਹੈ। ਅਦਾਲਤ ਨੇ ਟਿੱਪਣੀ ਕੀਤੀ ਕਿ ਇਸ ਮਾਮਲੇ ਨੂੰ ਸਿਆਸੀ ਰੰਗ ਦੇਣਾ ਠੀਕ ਨਹੀਂ ਹੈ।
ਜਾਂਚ ‘ਤੇ ਤਸੱਲੀ ਜ਼ਾਹਰ ਕਰਦਿਆਂ ਅਦਾਲਤ ਨੇ ਕਿਹਾ ਕਿ ਸੀਬੀਆਈ ਜਾਂਚ ਦੀ ਕੋਈ ਲੋੜ ਨਹੀਂ ਹੈ। ਦੱਸ ਦੇਈਏ ਕਿ ਫਿਲਹਾਲ ਪੰਜਾਬ ਪੁਲਿਸ ਵੱਲੋਂ ਗਠਿਤ ਐਸਆਈਟੀ ਮਾਮਲੇ ਦੀ ਜਾਂਚ ਕਰ ਰਹੀ ਹੈ।
ਮੂਸੇਵਾਲਾ ਦੇ ਪਿਤਾ ਨੇ ਵੀ ਕੇਂਦਰੀ ਜਾਂਚ ਦੀ ਮੰਗ ਕੀਤੀ ਹੈ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਆਪਣੇ ਪੁੱਤਰ ਦੇ ਕਤਲ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਮੂਸੇਵਾਲਾ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੇ ਕੇਸ ਵਿੱਚ ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਵੀ ਸਹਿਯੋਗ ਲਿਆ ਜਾਣਾ ਚਾਹੀਦਾ ਹੈ। ਮੂਸੇਵਾਲਾ ਦੇ ਮਾਤਾ-ਪਿਤਾ ਜਾਂਚ ਨੂੰ ਲੈ ਕੇ ਚੰਡੀਗੜ੍ਹ ‘ਚ ਗ੍ਰਹਿ ਮੰਤਰੀ ਸ਼ਾਹ ਨੂੰ ਵੀ ਮਿਲੇ ਸਨ।
ਹਾਈ ਕੋਰਟ ਨੇ ਮੌਜੂਦਾ ਜੱਜ ਦੀ ਜਾਂਚ ਤੋਂ ਇਨਕਾਰ ਕਰ ਦਿੱਤਾ ਸੀ
ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਉਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਸਬੰਧੀ ਹਾਈ ਕੋਰਟ ਨੂੰ ਪੱਤਰ ਭੇਜਿਆ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਲਈ ਮੌਜੂਦਾ ਜੱਜ ਦੀ ਮੰਗ ਨੂੰ ਠੁਕਰਾ ਦਿੱਤਾ ਸੀ। ਹਾਈ ਕੋਰਟ ਨੇ ਸਰਕਾਰ ਨੂੰ ਸਪੱਸ਼ਟ ਕੀਤਾ ਸੀ ਕਿ ਉਹ ਇਸ ਮਕਸਦ ਲਈ ਕੋਈ ਜੱਜ ਮੁਹੱਈਆ ਨਹੀਂ ਕਰਵਾ ਸਕਦੀ। ਪਿਛਲੇ ਸਮੇਂ ਵਿੱਚ ਵੀ ਕਦੇ ਵੀ ਅਜਿਹੇ ਮਾਮਲਿਆਂ ਵਿੱਚ ਸਿਟਿੰਗ ਜੱਜ ਤੋਂ ਜਾਂਚ ਦੀ ਮੰਗ ਨਹੀਂ ਕੀਤੀ ਗਈ।