ਫਗਵਾੜਾ 5 ਫਰਵਰੀ ( ਸ਼ਰਨਜੀਤ ਸਿੰਘ ਸੋਨੀ ) ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਿਰ ਜੀ.ਟੀ ਰੋਡ ਚੱਕ ਹਕੀਮ ਪ੍ਰਬੰਧਕ ਕਮੇਟੀ ਦੀ ਮੀਟਿੰਗ ਕਮੇਟੀ ਪ੍ਰਧਾਨ ਦਵਿੰਦਰ ਕੁਲਥਮ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਅਤੇ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਸ਼ੋਭਾ ਯਾਤਰਾ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਉਪਰੰਤ ਸਮਾਗਮ ਸਬੰਧੀ ਪੋਸਟਰ ਰਿਲੀਜ ਕਰਦਿਆਂ ਕਮੇਟੀ ਪ੍ਰਧਾਨ ਦਵਿੰਦਰ ਕੁਲਥਮ ਅਤੇ ਜਨਰਲ ਸਕੱਤਰ ਅਸ਼ੋਕ ਭਾਟੀਆ ਨੇ ਦੱਸਿਆ ਕਿ 22 ਫਰਵਰੀ ਨੂੰ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਜੀ.ਟੀ ਰੋਡ ਚੱਕ ਹਕੀਮ ਵਿਖੇ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 23 ਫਰਵਰੀ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਮੰਦਿਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾਵੇਗੀ ਅਤੇ 24 ਫਰਵਰੀ ਦਿਨ ਸ਼ਨੀਵਾਰ ਨੂੰ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਮਹਾਰਾਜ ਦਾ ਪ੍ਰਕਾਸ਼ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ 11.30 ਵਜੇ ਸ੍ਰੀ ਨਿਸ਼ਾਨ ਸਾਹਿਬ ਦੀ ਰਸਮ ਉਪਰੰਤ ਪ੍ਰਸਿੱਧ ਕੀਰਤਨੀ ਜੱਥੇ ਅਤੇ ਗਾਇਕ ਕਲਾਕਾਰ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਅਤੇ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਮੈਂਬਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਹਮੇਸ਼ਾ ਦੀ ਤਰ੍ਹਾਂ ਗੁਰੂ ਸਾਹਿਬ ਦੇ ਪ੍ਰਕਾਸ਼ ਦਿਵਸ ਸਮਾਗਮ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਮੌਕੇ ਕਮੇਟੀ ਦੇ ਉਪ ਪ੍ਰਧਾਨ ਕਿਸ਼ਨ ਦਾਸ ਛਿੰਦੀ, ਯਸ਼ ਬਰਨਾ, ਜੁਆਇੰਟ ਸਕੱਤਰ ਬਲਦੇਵ ਕੋਮਲ, ਖਜ਼ਾਨਚੀ ਗੁਰਦਿਆਲ ਸੋਢੀ, ਪ੍ਰਚਾਰ ਸਕੱਤਰ ਸੀਟੂ ਬਾਈ, ਸੰਗਠਨ ਸਕੱਤਰ ਮਕਬੂਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।