ਸ਼ੰਭੂ ਬਾਰਡਰ : ਕਿਸਾਨਾਂ ਦੇ ਧਰਨੇ ਕਾਰਨ 6 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਪਾਵਰਕੌਮ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਯਾਨੀ ਬੁੱਧਵਾਰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਹੋਈ। ਇਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਅਤੇ ਡੀਜੀਪੀ ਸਮੇਤ ਕਈ ਅਧਿਕਾਰੀ ਮੌਜੂਦ ਸਨ। ਮੀਟਿੰਗ ਸੇਵਾਮੁਕਤ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਤੇ ਇਹ ਮੁਲਾਕਾਤ ਕਰੀਬ ਦੋ ਘੰਟੇ ਤੱਕ ਚੱਲੀ। ਕਮੇਟੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਮੀਟਿੰਗ ਕੀਤੀ ਜਾਵੇਗੀ। ਹਾਲਾਂਕਿ ਮੀਟਿੰਗ ਤੋਂ ਬਾਅਦ ਨਾ ਤਾਂ ਪੰਜਾਬ ਅਤੇ ਨਾ ਹੀ ਹਰਿਆਣਾ ਦੇ ਅਧਿਕਾਰੀਆਂ ਨੇ ਮੀਡੀਆ ਨਾਲ ਗੱਲ ਕੀਤੀ ਤੇ ਉਹ ਬਿਨਾਂ ਗੱਲ ਕੀਤੇ ਹੀ ਚਲੇ ਗਏ।
ਸੁਪਰੀਮ ਕੋਰਟ ਨੇ ਹਾਈ ਪਾਵਰ ਕਮੇਟੀ ਕੀਤੀ ਸੀ ਗਠਿਤ

ਜਿਵੇਂ ਹੀ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚਿਆ ਤਾਂ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਮੀਟਿੰਗ ਕਰਕੇ ਸੜਕ ਨੂੰ ਖੋਲ੍ਹਣ ਦੀ ਯੋਜਨਾ ਬਣਾਉਣ ਲਈ ਕਿਹਾ ਸੀ। ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨੇ 2 ਵਾਰ ਪਟਿਆਲਾ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਹਨ। ਪਰ ਮੀਟਿੰਗਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਕਮੇਟੀ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਤੋਂ ਕੁਝ ਮਾਹਿਰਾਂ ਦੇ ਨਾਂ ਮੰਗੇ ਸਨ। ਫਿਰ ਇਹ ਹਾਈ ਪਾਵਰ ਕਮੇਟੀ ਬਣਾਈ ਗਈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸਾਫ਼ ਕਿਹਾ ਸੀ ਕਿ ਇਸ ਮਾਮਲੇ ਵਿੱਚ ਰਾਜਨੀਤੀ ਨਹੀਂ ਹੋਣੀ ਚਾਹੀਦੀ।