ਸ੍ਰੀ ਆਨੰਦਪੁਰ ਸਾਹਿਬ : ਕੇਂਦਰੀ ਜਾਂਚ ਏਜੰਸੀ ਐਨ.ਆਈ.ਏ ਦੀ ਟੀਮ ਵੱਲੋਂ ਖੰਡੂਰ ਸਾਹਿਬ ਤੋਂ ਰਿਕਾਰਡ ਵੋਟਾਂ ਨਾਲ ਜਿੱਤੇ ਮੈਂਬਰ ਪਾਰਲੀਮੈਂਟ ਨੌਜਵਾਨ ਗੁਰਸਿੱਖ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ ਕੀਤੀ ਗਈ ਰੇਡ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੋਂ ਸਿੱਖ ਕੌਮ ਹੋਂਦ ਵਿੱਚ ਆਈ ਹੈ ਉਦੋਂ ਤੋਂ ਸਿੱਖਾਂ ਦੇ ਖਿਲਾਫ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਕੀਤੀ ਗਈ ਕਾਰਵਾਈ ਵੀ ਇਸੇ ਕੜੀ ਦਾ ਹਿੱਸਾ ਹੈ। ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੇਸ਼ ਦੇ ਸੰਵਿਧਾਨ ਮੁਤਾਬਕ ਲੋਕਾਂ ਨੁਮਾਇੰਦੇ ਚੁਣੇ ਗਏ ਹਨ ਪਰੰਤੂ ਸਰਕਾਰਾਂ ਨੇ ਉਨ੍ਹਾਂ ‘ਤੇ ਐਨ.ਐਸ.ਏ ਲਗਾ ਕੇ ਉਹਨਾਂ ਨੂੰ ਅਜੇ ਤੱਕ ਜੇਲ ਵਿੱਚ ਰੱਖਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਤੇ ਐਨ.ਐਸ.ਏ ਲਗਾਉਣਾ ਬਿਲਕੁਲ ਗਲਤ ਹੈ ਉੱਥੇ ਹੀ ਹੁਣ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਪਰੇਸ਼ਾਨ ਕਰਨ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਕਾਰਵਾਈ ਵੀ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਦੀਆਂ ਭਾਵਨਾਵਾਂ ਦੀ ਬੇਕਦਰੀ ਨਾ ਕਰਨ ਕਿਉਂਕਿ ਸਿੱਖ ਕੌਮ ਨੇ ਇਸ ਦੇਸ਼ ਦੇ ਗੌਰਵ ਤੇ ਸ਼ਾਨ ਨੂੰ ਉੱਚਾ ਚੁੱਕਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ।