ਫਿਰੋਜ਼ਪੁਰ: ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਅਸਲਾ ਲਾਇਸੈਂਸ ਧਾਰਕਾਂ ਨੂੰ 29 ਸਤੰਬਰ 2024 ਨੂੰ ਸ਼ਾਮ 5 ਵਜੇ ਤੱਕ ਆਪਣੇ ਅਸਲਾ ਨਜ਼ਦੀਕੀ ਥਾਣਿਆਂ ਜਾਂ ਅਸਲਾ ਡੀਲਰਾਂ ਕੋਲ ਜਮ੍ਹਾਂ ਕਰਵਾਉਣ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਹੁਕਮ ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਜਾਰੀ ਕੀਤੇ ਜਾ ਰਹੇ ਹਨ, ਜੋ ਚੋਣਾਂ ਦੇ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ।
ਜ਼ਿਕਰਯੋਗ ਹੈ ਕਿ ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਬਿਗਲ ਵੱਜ ਚੁੱਕਾ ਹੈ। ਸੂਬੇ ਦੀਆਂ 13237 ਗ੍ਰਾਮ ਪੰਚਾਇਤਾਂ ਲਈ 15 ਅਕਤੂਬਰ ਨੂੰ ਵੋਟਾਂ ਪੈਣਗੀਆਂ। ਦਾਖਲਾ 27 ਸਤੰਬਰ ਤੋਂ ਸ਼ੁਰੂ ਹੋਵੇਗਾ। 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਖਤਮ ਹੋਣ ਅਤੇ ਵੋਟਾਂ ਦੀ ਗਿਣਤੀ ਹੋਣ ਤੋਂ ਬਾਅਦ ਉਸੇ ਦਿਨ ਚੋਣ ਨਤੀਜੇ ਜਾਰੀ ਕੀਤੇ ਜਾਣਗੇ।