ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਕੋਸ਼ਿਸ਼ ਤਹਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਵਿਚਾਰ ਵੀਰਵਾਰ ਨੂੰ ਮੀਟਿੰਗ ਹੋ ਰਹੀ ਹੈ।
ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਸ ਮੀਟਿੰਗ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਅੱਜ ਮੀਟਿੰਗ ਲਈ 3 ਵਜੇ ਮਿਲਣ ਲਈ ਬੁਲਾਇਆ ਹੈ।
ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਕਿ ਮੁੱਖ ਮੰਤਰੀ ਨੇ ਗੱਲਬਾਤ ਲਈ ਉਸ ਨੂੰ ਪੰਜਾਬ ਭਵਨ ਵਿਖੇ ਬੁਲਾਇਆ ਹੈ। ਚੰਡੀਗੜ੍ਹ ਵਿਖੇ 3 ਵਜੇ ਮੀਟਿੰਗ ਹੋਵੇਗੀ। ਸਿੱਧੂ ਨੇ ਕਿਹਾ ਕਿ ਉਹ ਕਿਸੇ ਵੀ ਗੱਲਬਾਤ ਲਈ ਸਦਾ ਤਿਆਰ ਹਨ।
ਮੀਟਿੰਗ ਬਾਰੇ ਕਿਹਾ ਜਾ ਰਿਹਾ ਹੈ ਕਿ ਇਸ ਵਿੱਚ ਮੁੱਖ ਮੰਤਰੀ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਵਾਪਸ ਅਹੁਦੇ ‘ਤੇ ਮਨਾਉਣ ਬਾਰੇ ਗੱਲਬਾਤ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਕਾਂਗਰਸ ਹਾਈਕਮਾਨ ਵੱਲੋਂ ਇਸ ਮੁੱਦੇ ‘ਤੇ ਦਖਲਅੰਦਾਜੀ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੰਜਾਬ ਕਾਂਗਰਸ ਆਗੂਆਂ ਵੱਲੋਂ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਹਨ।