ਪੰਜਾਬ ਦੇ ਫਿਰੋਜ਼ਪੁਰ ਵਿੱਚ ਰੈਲੀ ਵਿੱਚ ਸ਼ਾਮਿਲ ਹੋਣ ਲਈ ਜਾਂਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਲਗਾਤਰ ਭੱਖਦਾ ਜਾ ਰਿਹਾ ਹੈ। ਹੁਣ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮੁੱਦੇ ‘ਤੇ ਚਿੰਤਾ ਜਾਹਿਰ ਕੀਤੀ ਹੈ।
ਵੀਰਵਾਰ ਨੂੰ ਪੀਐੱਮ ਮੋਦੀ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਵੀ ਕੀਤੀ ਹੈ। ਅੱਜ ਪੀਐਮ ਮੋਦੀ ਰਾਸ਼ਟਰਪਤੀ ਕੋਵਿੰਦ ਨੂੰ ਮਿਲਣ ਲਈ ਰਾਸ਼ਟਰਪਤੀ ਭਵਨ ਪੁੱਜੇ ਹਨ। ਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਪੀਐਮ ਮੋਦੀ ਨਾਲ ਗੱਲਬਾਤ ਕੀਤੀ ਹੈ। ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਪ ਰਾਸ਼ਟਰਪਤੀ ਦੇ ਟਵਿੱਟਰ ਅਕਾਊਂਟ ਤੋਂ ਲਿਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੀ ਸੁਰੱਖਿਆ ‘ਚ ਹੋਈ ਗੰਭੀਰ ਕੁਤਾਹੀ ‘ਤੇ ਅੱਜ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇਸ ਕੁਤਾਹੀ ‘ਤੇ ਗੰਭੀਰ ਚਿੰਤਾ ਜਾਹਿਰ ਕਰਦਿਆਂ, ਉਪ ਰਾਸ਼ਟਰਪਤੀ ਨੇ ਉਮੀਦ ਕੀਤੀ ਕਿ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਭਵਿੱਖ ਵਿੱਚ ਅਜਿਹੀ ਕੁਤਾਹੀ ਮੁੜ ਨਾ ਵਾਪਰੇ।
ਪੰਜਾਬ ਸਰਕਾਰ ਵੀ ਪੀਐੱਮ ਦੀ ਸੁਰੱਖਿਆ ‘ਚ ਕੁਤਾਹੀ ਦੇ ਮੁੱਦੇ ‘ਤੇ ਘਿਰੀ ਹੋਈ ਹੈ। ਹੁਣ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਵੀ ਬਣਾਈ ਹੈ। ਇਹ ਕਮੇਟੀ ਤਿੰਨ ਦਿਨਾਂ ਵਿੱਚ ਆਪਣੀ ਰਿਪੋਰਟ ਤਿਆਰ ਕਰੇਗੀ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ (ਗ੍ਰਹਿ ਮਾਮਲੇ ਅਤੇ ਨਿਆਂ) ਅਨੁਰਾਗ ਵਰਮਾ ਸ਼ਾਮਿਲ ਹਨ।