You are currently viewing ਮੁੱਖ ਮੰਤਰੀ ਨੇ ਡੀਜੀਪੀ ਤੋਂ ਮੁਹਾਲੀ ਧਮਾਕੇ ਮਾਮਲੇ ‘ਚ ਰਿਪੋਰਟ ਮੰਗੀ, ਕਿਹਾ – ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਮੁੱਖ ਮੰਤਰੀ ਨੇ ਡੀਜੀਪੀ ਤੋਂ ਮੁਹਾਲੀ ਧਮਾਕੇ ਮਾਮਲੇ ‘ਚ ਰਿਪੋਰਟ ਮੰਗੀ, ਕਿਹਾ – ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਬੀਤੀ ਰਾਤ ਮੋਹਾਲੀ ਵਿਖੇ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ਵਿਚ ਹੋਏ ਧਮਾਕੇ ਦਾ ਤੁਰੰਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੀਜੀਪੀ ਨੂੰ ਪੂਰੀ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਮਾਮਲੇ ਦੀ ਤਹਿ ਤੱਕ ਪਹੁੰਚ ਕੀਤੀ ਜਾ ਸਕੇ।

ਅੱਜ ਸਵੇਰੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾਲ ਹੀ ਕਿਹਾ ਕਿ ਕੁਝ ਦੁਸ਼ਮਣ ਤਾਕਤਾਂ ਸੂਬੇ ਭਰ ਵਿੱਚ ਗੜਬੜ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਜੋ ਆਪਣੇ ਨਾਪਾਕ ਮਨਸੂਬਿਆਂ ਵਿੱਚ ਕਦੇ ਕਾਮਯਾਬ ਨਹੀਂ ਹੋਣਗੇ।

ਇਸ ਦੌਰਾਨ ਡੀਜੀਪੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੁਝ ਸ਼ੱਕੀ ਵਿਅਕਤੀਆਂ ਨੂੰ ਹੋਰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਤਾਂ ਜੋ ਪੁਲਿਸ ਇਸ ਅਣਸੁਖਾਵੀਂ ਘਟਨਾ ਦੀਆਂ ਜੜ੍ਹਾਂ ਤੱਕ ਪਹੁੰਚਣ ਦੇ ਸਮਰੱਥ ਹੋ ਸਕੇ।

ਮੁੱਖ ਮੰਤਰੀ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਜਲਦੀ ਹੀ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖਤੀ ਕੀਤੀ ਜਾਵੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਜੀਪੀ ਪੰਜਾਬ ਅਤੇ ਹੋਰਨਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਡੀਜੀਪੀ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ। ਸ੍ਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਘਟਨਾ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।