ਫਗਵਾੜਾ 10 ਦਸੰਬਰ
ਆਮ ਆਦਮੀ ਪਾਰਟੀ ਵਰਕਰ ਸੁਭਾਸ਼ ਕਵਾਤਰਾ ਨੇ ਸ਼ਹਿਰ ਵਾਸੀਆਂ ਦੀ ਪੁਰਜ਼ੋਰ ਮੰਗ ’ਤੇ ਨਗਰ ਨਿਗਮ ਫਗਵਾੜਾ ਵੱਲੋਂ ਨਿਗਮ ਕਮਿਸ਼ਨਰ ਡਾ: ਨਯਨ ਜੱਸਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਜਾਇਜ ਕਬਜੇ ਹਟਾਉਣ ਦੀ ਮੁਹਿੰਮ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਪ੍ਰਮੁੱਖ ਬਾਜ਼ਾਰ ਨਾਜਾਇਜ਼ ਕਬਜ਼ਿਆਂ ਨਾਲ ਭਰੇ ਪਏ ਹਨ, ਜਿਸ ਕਾਰਨ ਰਸਤਾ ਬਹੁਤ ਤੰਗ ਹੋ ਗਿਆ ਹੈ ਅਤੇ ਆਵਾਜਾਈ ਵਿੱਚ ਭਾਰੀ ਰੁਕਾਵਟ ਪੈਦਾ ਹੋ ਰਹੀ ਹੈ। ਤਿਉਹਾਰਾਂ ਦੇ ਸੀਜ਼ਨ ਵਿੱਚ ਤਾਂ ਪੈਦਲ ਚੱਲਣਾ ਵੀ ਮੁਸ਼ਕਲ ਹੋ ਜਾਂਦਾ ਹੈ, ਇਸ ਲਈ ਨਿਗਮ ਵਲੋਂ ਬੇਸ਼ਕ ਦੇਰੀ ਨਾਲ ਹੀ ਸਹੀ ਪਰ ਦਲੇਰੀ ਵਾਲਾ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਸਮੂਹ ਦੁਕਾਨਦਾਰ ਵੀਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਆਪਣਾ ਸੜਕਾਂ ‘ਤੇ ਸਜਾਇਆ ਸਾਮਾਨ ਖੁਦ ਹੀ ਸੜਕਾਂ ਤੋਂ ਹਟਾ ਲੈਣ ਤਾਂ ਜੋ ਉਨ੍ਹਾਂ ਦਾ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ ਅਤੇ ਸ਼ਹਿਰ ਦੀ ਮੁੱਖ ਸਮੱਸਿਆ ਦਾ ਵੀ ਹੱਲ ਹੋ ਸਕੇ। ਸੁਭਾਸ਼ ਕਵਾਤਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਦਰਪੇਸ਼ ਹਰ ਸਮੱਸਿਆ ਦਾ ਢੁੱਕਵਾਂ ਹੱਲ ਕੱਢਣ ਲਈ ਵਚਨਬੱਧ ਹੈ ਅਤੇ ਫਗਵਾੜਾ ਵਿਖੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੀ ਦੇਖ-ਰੇਖ ਹੇਠ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾ ਰਿਹਾ ਹੈ।