ਫਗਵਾੜਾ,5 ਫਰਵਰੀ ( ਸ਼ਰਨਜੀਤ ਸਿੰਘ ਸੋਨੀ )
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਅੱਜ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ.ਨਯਨ ਜੱਸਲ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦਿਆਂ ਸਮਾਜ ਵਿੱਚ ਫੈਲੀਆਂ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰਤਾ ਵਾਲੇ ਸਮਾਜ ਵੱਲ ਸੇਧ ਦਿੰਦੀਆਂ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ–ਇੱਕ ਮਹਾਨ ਅਧਿਆਤਮਿਕ ਦੂਤ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਤਬਕਿਆਂ ਦੇ ਮਸੀਹਾ, ਜਿਨ੍ਹਾਂ ਸਾਨੂੰ ਨੇਕ ਜੀਵਨ ਜਿਊਣ ਦਾ ਉਪਦੇਸ਼ ਦਿੱਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਾਨੂੰ ਹਮੇਸ਼ਾ ਹਰੇਕ ਵਿਅਕਤੀ ਨੂੰ ਉਸ ਦੀ ਜਾਤ, ਨਸਲ, ਧਰਮ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ ਬਣਦਾ ਮਾਣ-ਸਨਮਾਨ ਦੇਣ ਲਈ ਪ੍ਰੇਰਿਤ ਕਰਦੀਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਦੇ ਪ੍ਰਬੰਧਕ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।