You are currently viewing ਅੱਜ ਦਿੱਲੀ ਕੂਚ ਬਾਰੇ ਹੋ ਸਕਦੈ ਵੱਡਾ ਐਲਾਨ, ਜਾਣੋ ਕਿਸਾਨ ਜਥੇਬੰਦੀਆਂ ਦੀ ਰਣਨੀਤੀ………..

ਅੱਜ ਦਿੱਲੀ ਕੂਚ ਬਾਰੇ ਹੋ ਸਕਦੈ ਵੱਡਾ ਐਲਾਨ, ਜਾਣੋ ਕਿਸਾਨ ਜਥੇਬੰਦੀਆਂ ਦੀ ਰਣਨੀਤੀ………..

ਸ਼ੰਭੂ ਅਤੇ ਖਨੌਰੀ ਬਾਰਡਰਾਂ ਉਤੇ ਡਟੇ ਹਜ਼ਾਰਾਂ ਕਿਸਾਨਾਂ ਦਾ ਸੰਘਰਸ਼ ਅੱਜ ਛੇਵੇਂ ਦਿਨ ਵੀ ਜਾਰੀ ਹੈ। ਕਿਸਾਨ ਦਿੱਲੀ ਜਾਣ ਲਈ ਅੜੇ ਹੋਏ ਹਨ। ਕਿਸਾਨਾਂ ਦੀਆਂ ਨਜ਼ਰ ਹੁਣ ਅੱਜ ਕੇਂਦਰੀ ਵਜ਼ੀਰਾਂ ਨਾਲ ਹੋਣ ਵਾਲੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ।

ਜੇਕਰ ਇਸ ਮੀਟਿੰਗ ਵਿਚ ਮਸਲੇ ਦਾ ਹੱਲ ਨਾ ਹੋਇਆ ਤਾਂ ਤਣਾਅ ਹੋਰ ਵਧ ਸਕਦਾ ਹੈ। ਅੱਜ ਦੀ ਮੀਟਿੰਗ ਤੋਂ ਬਾਅਦ ਹੀ ਕਿਸਾਨ ਅੱਗੇ ਵਧਣ ਬਾਰੇ ਫੈਸਲਾ ਲੈਣਗੇ। ਇਸੇ ਦੌਰਾਨ ਕੇਂਦਰ ਸਰਕਾਰ ਨੇ ਇੰਟਰਨੈੱਟ ਸੇਵਾਵਾਂ ਉਤੇ ਪਾਬੰਦੀ ਵਧਾ ਦਿੱਤੀ ਹੈ। ਪੰਜਾਬ ਦੇ 7 ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।ਅੱਜ ਸ਼ਾਮ ਚੰਡੀਗੜ੍ਹ ਵਿਚ ਕੇਂਦਰੀ ਮੰਤਰੀਆਂ ਤੇ ਕਿਸਾਨਾਂ ਦੀ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ 3 ਮੀਟਿੰਗਾਂ ਬੇਸਿੱਟਾ ਰਹੀਆਂ ਸਨ। ਇਸ ਮੀਟਿੰਗ ਵਿੱਚ ਕੋਈ ਫੈਸਲਾ ਨਾ ਹੋਣ ’ਤੇ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।

ਉਧਰ, ਕਿਸਾਨ ਅੰਦੋਲਨ ਦਾ ਸੇਕ ਹੁਣ ਪੰਜਾਬ ਤੇ ਹਰਿਆਣਾ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿਚ ਪਹੁੰਚ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਵੀ ਕਿਸਾਨ ਅੰਦੋਲਨ ਵਿੱਚ ਕੁੱਦ ਪਏ ਹੈ। ਰਾਕੇਸ਼ ਟਿਕੈਤ ਨੇ ਐਲਾਨ ਕੀਤਾ ਹੈ ਕਿ ਕਿਸਾਨ 21 ਫਰਵਰੀ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਤੇ ਉੱਤਰਾਖੰਡ ਵਿੱਚ ਧਰਨੇ ਦੇਣਗੇ।

ਸਿਸੌਲੀ ਦੀ ਮਹਾਂ ਪੰਚਾਇਤ ਵਿੱਚ ਸ਼ਿਰਕਤ ਕਰਨ ਮਗਰੋਂ ਟਿਕੈਤ ਨੇ ਕਿਹਾ ਕਿ ਮੀਟਿੰਗ ਦੌਰਾਨ ਇੱਕ ਮਤਾ ਪਾਸ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਅਗਵਾਈ ਹੇਠ ਫਰਵਰੀ ਦੇ ਆਖਰੀ ਹਫ਼ਤੇ ਦਿੱਲੀ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ। ਕੇਂਦਰ ’ਤੇ ਆਪਣੀਆਂ ਮੰਗਾਂ ਮਨਵਾਉਣ ਵਾਸਤੇ ਦਬਾਅ ਬਣਾਉਣ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਦਿੱਤੇ ‘ਦਿੱਲੀ ਚੱਲੋ’ ਮਾਰਚ ਦੇ ਸੱਦੇ ਤਹਿਤ ਇਹ ਪੰਚਾਇਤ ਸੱਦੀ ਗਈ ਸੀ।

ਉਧਰ, ਸੰਯੁਕਤ ਕਿਸਾਨ ਮੋਰਚਾ ਅਧੀਨ 37 ਕਿਸਾਨ ਜਥੇਬੰਦੀਆਂ ਅੱਜ ਵੱਡਾ ਐਲਾਨ ਕਰਨਗੀਆਂ। ਸੰਯੁਕਤ ਕਿਸਾਨ ਮੋਰਚਾ ਨੇ ਇਸ ਸਬੰਧੀ ਅੱਜ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਏਗਾ। ਅੱਜ ਬਾਅਦ ਦੁਪਹਿਰ 3 ਵਜੇ ਲੁਧਿਆਣਾ ਦੇ ਈਸੜੂ ਭਵਨ ਵਿੱਚ ਮੀਟਿੰਗ ਕਰਕੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ।