ਕੋਲਕਾਤਾ ਰੇਪ ਮਾਮਲਾ ਇਸ ਸਮੇਂ ਦੇਸ਼ ‘ਚ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਅਹਿਮ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਵਿਰੁੱਧ ਹੋਣ ਵਾਲੇ ਜੁਰਮਾਂ ਵਿੱਚ ਜਲਦੀ ਨਿਆਂ ਮਿਲਣਾ ਬਹੁਤ ਜ਼ਰੂਰੀ ਹੈ, ਤਾਂ ਜੋ ਔਰਤਾਂ ਨੂੰ ਆਪਣੀ ਸੁਰੱਖਿਆ ਦਾ ਹੋਰ ਭਰੋਸਾ ਹੋ ਸਕੇ। ਨਿਆਂਪਾਲਿਕਾ ਨੂੰ ਸੰਵਿਧਾਨ ਦੀ ਰਖਵਾਲਾ ਮੰਨਿਆ ਜਾਂਦਾ ਹੈ ਅਤੇ ਸੁਪਰੀਮ ਕੋਰਟ ਅਤੇ ਨਿਆਂਪਾਲਿਕਾ ਨੇ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਈ ਹੈ।
ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਨਿਆਂਪਾਲਿਕਾ ਦੀ ਨੈਸ਼ਨਲ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਭਾਰਤ ਦੇ ਲੋਕਾਂ ਨੇ ਕਦੇ ਵੀ ਸੁਪਰੀਮ ਕੋਰਟ ਜਾਂ ਨਿਆਂਪਾਲਿਕਾ ਵਿੱਚ ਕੋਈ ਅਵਿਸ਼ਵਾਸ ਨਹੀਂ ਦਿਖਾਇਆ। ਐਮਰਜੈਂਸੀ ਨੂੰ ‘ਹਨੇਰਾ’ ਦੌਰ ਦੱਸਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਮੇਂ ਦੌਰਾਨ ਨਿਆਂਪਾਲਿਕਾ ਨੇ ਮੌਲਿਕ ਅਧਿਕਾਰਾਂ ਦੀ ਰੱਖਿਆ ‘ਚ ਅਹਿਮ ਭੂਮਿਕਾ ਨਿਭਾਈ। ਨਿਆਂਪਾਲਿਕਾ ਨੇ ਰਾਸ਼ਟਰੀ ਸੁਰੱਖਿਆ ਦੇ ਮਾਮਲਿਆਂ ਵਿੱਚ ਵੀ ਬਹੁਤ ਵਧੀਆ ਕੰਮ ਕੀਤਾ ਹੈ। ਖਾਸ ਤੌਰ ‘ਤੇ ਨਿਆਂਪਾਲਿਕਾ ਨੇ ਹਮੇਸ਼ਾ ਰਾਸ਼ਟਰੀ ਹਿੱਤਾਂ ਨੂੰ ਮੁੱਖ ਰੱਖ ਕੇ ਦੇਸ਼ ਦੀ ਅਖੰਡਤਾ ਦੀ ਰੱਖਿਆ ਕੀਤੀ ਹੈ।