Farmers March Chandigarh : ਆਪਣੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਪੂਰਾ ਦਿਨ ਸੰਘਰਸ਼ ਕੀਤਾ ਗਿਆ। ਹਾਲਾਂਕਿ ਇਸ ਦੇ ਲਈ ਕਿਸਾਨ ਦੋ ਵੱਖ-ਵੱਖ ਪਲੇਟਫਾਰਮਾਂ ‘ਤੇ ਲੱਗੇ ਹੋਏ ਸਨ। ਸੰਯੁਕਤ ਕਿਸਾਨ ਮੋਰਚਾ ਵੱਲੋਂ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ ਸੀ, ਉਥੇ ਹੀ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨਾਂ ਦੇ ਇੱਕ ਜਥੇ ਨੇ ਸੈਕਟਰ-34 ਤੋਂ ਮਟਕਾ ਚੌਕ ਤੱਕ ਮਾਰਚ ਕੱਢਿਆ।
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਟਕਾ ਚੌਕ ਵਿਖੇ ਪਹੁੰਚੇ, ਜਿੱਥੇ ਉਹਨਾਂ ਨੇ ਕਿਸਾਨਾਂ ਤੋਂ ਮੰਗ ਪੱਤਰ ਲਿਆ ਤੇ ਮੰਗਾਂ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ। ਇਸ ਦੇ ਨਾਲ ਹੀ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਦੋਂ ਤੱਕ ਸੈਸ਼ਨ ਚੱਲਦਾ ਰਹੇਗਾ ਉਨ੍ਹਾਂ ਦਾ ਮਾਰਚ ਜਾਰੀ ਰਹੇਗਾ। ਮੀਟਿੰਗ ਕਰਕੇ ਅਗਲੇਰੀ ਰਣਨੀਤੀ ਬਣਾਉਣਗੇ।
5 ਸਤੰਬਰ ਨੂੰ ਮੀਟਿੰਗ ਕਰਕੇ ਰਣਨੀਤੀ ਕੀਤੀ ਜਾਵੇਗੀ ਤੈਅ
ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 4 ਸਤੰਬਰ ਨੂੰ ਸਮਾਪਤ ਹੋਵੇਗਾ। ਇਸ ਤੋਂ ਬਾਅਦ 5 ਸਤੰਬਰ ਨੂੰ ਯੂਨੀਅਨ ਦੀ ਮੀਟਿੰਗ ਕੀਤੀ ਜਾਵੇਗੀ। ਇਸ ਵਿੱਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਡੇਢ ਸਾਲ ਤੋਂ ਲਗਾਤਾਰ ਖੇਤੀ ਨੀਤੀ ਬਣਾਉਣ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਵੱਲੋਂ ਕੋਈ ਪਹਿਲਕਦਮੀ ਨਹੀਂ ਕੀਤੀ ਜਾ ਰਹੀ। ਖੇਤੀ ਨੀਤੀ ਬਣਾਉਣ ਲਈ ਬਣਾਈ ਕਮੇਟੀ ਵੱਲੋਂ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪੀ ਗਈ ਸੀ। ਪਰ ਸਰਕਾਰ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ। ਇਹ ਸਰਕਾਰਾਂ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਅਤਾਂ ਅਤੇ ਕਾਰਪੋਰੇਟ ਘਰਾਣਿਆਂ, ਜਗੀਰਦਾਰਾਂ ਅਤੇ ਪ੍ਰਭਾਵਸ਼ਾਲੀ ਲੋਕਾਂ ਦੇ ਹੱਕ ਵਿੱਚ ਭੁਗਤਣ ਵਾਲੀਆਂ ਨੀਤੀਆਂ ਦਾ ਨਤੀਜਾ ਹੈ।