You are currently viewing ਪੰਜਾਬ ‘ਚ ਪੰਚਾਇਤੀ ਚੋਣਾਂ ਦੀਆਂ ਤਾਰੀਕਾਂ ਦਾ ਹੋਇਆ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ ?..

ਪੰਜਾਬ ‘ਚ ਪੰਚਾਇਤੀ ਚੋਣਾਂ ਦੀਆਂ ਤਾਰੀਕਾਂ ਦਾ ਹੋਇਆ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ ?..

Punjab News:  ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਚੱਲ ਰਿਹਾ ਰੇੜਕਾ ਹੁਣ ਖ਼ਤਮ ਹੁੰਦਾ ਜਾਪਦਾ ਹੈ ਕਿਉਂਕਿ ਪੰਜਾਬ ਸਰਕਾਰ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਵਿੱਚ 5 ਅਕਤੂਬਰ ਨੂੰ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ। ਹਾਈਕੋਰਟ ਵਿੱਚ ਇਹ ਜਾਣਕਾਰੀ ਐਡਵੋਕੇਟ ਜਨਰਲ ਵੱਲੋਂ ਸਾਂਝੀ ਕੀਤੀ ਗਈ ਹੈ।

ਪੰਚਾਇਤੀ ਚੋਣਾਂ

ਦੱਸ ਦਈਏ ਕਿ ਭਾਵੇਂ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ 5 ਅਕਤੂਬਰ ਨੂੰ ਹੋਣ ਦੀ ਗੱਲ ਕਹੀ ਹੈ ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਨਗਰ ਕੌਂਸਲਾਂ ਤੇ ਨਗਰ ਨਿਗਮਾਂ ਬਾਰੇ ਜਾਣਕਾਰੀ ਮੰਗੀ ਹੈ। ਇਸ ਕੇਸ ਦੀ ਅਗਲੀ ਸੁਣਵਾਈ 23 ਸਤੰਬਰ ਨੂੰ ਹੋਵੇਗੀ। 


ਜ਼ਿਕਰ ਕਰ ਦਈਏ ਕਿ ਪੰਜਾਬ ਦੀਆਂ ਨਗਰ ਨਿਗਮਾਂ ਦੀਆਂ ਚੋਣਾਂ ਪਿਛਲੇ ਸਾਲ ਜਨਵਰੀ ਤੋਂ ਲਟਕ ਰਹੀਆਂ ਹਨ ਤੇ ਕਰੀਬ 42 ਨਗਰ ਕੌਂਸਲਾਂ ਦੀਆਂ ਚੋਣਾਂ ਵੀ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਇਸ ਨੂੰ ਲੈ ਕੇ ਪਾਈ ਗਈ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਮਾਨ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਚੋਣਾਂ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਹੋ ਜਾਣੀਆਂ ਚਾਹੀਦੀਆਂ ਸਨ ਫਿਰ ਸਾਲਾਂ ਬਾਅਦ ਵੀ ਚੋਣਾਂ ਕਿਉਂ ਨਹੀਂ ਕਰਵਾਈਆਂ ਗਈਆਂ। 

ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਐਲਾਨ ਕੀਤਾ ਸੀ ਕਿ ਜਿਹੜੀ ਪੰਚਾਇਤ ਸਰਬਸੰਮਤੀ ਨਾਲ ਚੁਣੀ ਜਾਵੇਗੀ, ਉਸਨੂੰ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਇਸਤੋਂ ਇਲਾਵਾ ਪੰਚਾਇਤ ਦੀ ਮੰਗ ਅਨੁਸਾਰ ਸਟੇਡੀਅਮ, ਸਕੂਲ ਜਾਂ ਹਸਪਤਾਲ ਵਿਚੋਂ ਕੋਈ ਇਕ ਸੁਵਿਧਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤ ਚੋਣਾਂ ਬਹੁਤ ਮਹਿੰਗੀਆਂ ਹੋ ਗਈਆਂ ਹਨ। ਸਰਪੰਚ ਬਣਨ ਲਈ 40-40 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ, ਇਹ ਪੈਸੇ ਕਿੱਥੋ ਪੂਰੇ ਕੀਤੇ ਜਾਣਗੇ। ਸਰਕਾਰ ਪਿੰਡਾਂ ਵਿਚ ਧੜੇਬੰਦੀ ਖ਼ਤਮ ਕਰਕੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ।

ਦੱਸ ਦਈਏ ਕਿ ਇਸ ਦੇ ਨਾਲ ਹੀ ਪੰਜਾਬ ਪੰਚਾਇਤੀ ਰਾਜ ਐਕਟ ਦੀ ਧਾਰਾ 12 ਵਿੱਚ ਸੋਧ ਦਾ ਬਿੱਲ ਵੀ ਵਿਧਾਨ ਸਭਾ ਵਿੱਚ ਪਾਸ ਹੋ ਗਿਆ ਹੈ। ਇਸ ਬਿੱਲ ਦੇ ਲਾਗੂ ਹੋਣ ਪਿੱਛੋਂ ਪੰਜਾਬ ਵਿੱਚ ਪੰਚਾਇਤੀ ਚੋਣ ਕਿਸੇ ਵੀ ਉਮੀਦਵਾਰ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜੀ ਜਾ ਸਕੇਗੀ।