ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਖਰੜ ਰੇਲਵੇ ਸਟੇਸ਼ਨ ’ਤੇ ਰੇਲ ਗੱਡੀਆਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਧਰਨਾ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ। ਇਸ ਮੌਕੇ ਕਿਸਾਨ ਆਗੂਆਂ ਦਵਿੰਦਰ ਸਿੰਘ ਦੇਹ ਕਲਾਂ ਅਤੇ ਰਵਿੰਦਰ ਸਿੰਘ ਦੇਹ ਕਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਡੱਲੇਵਾਲ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਸ਼ੁਰੂ ਕੀਤੇ ਮਰਨ ਵਰਤ ਨੂੰ ਗੰਭੀਰਤਾ ਨਾਲ ਨਹੀਂ ਲਿਆ।
ਸ਼ਾਇਦ ਕੇਂਦਰ ਸਰਕਾਰ ਡੱਲੇਵਾਲ ਦੀ ਮੌਤ ਦਾ ਇੰਤਜ਼ਾਰ ਕਰ ਰਹੀ ਸੀ। ਉਨ੍ਹਾਂ ਕਿਹਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਧਰਨੇ ਦੌਰਾਨ ਕਿਸਾਨ ਰੇਲਵੇ ਟਰੈਕ ‘ਤੇ ਬੈਠ ਕੇ ਵਾਹਿਗੁਰੂ ਦਾ ਜਾਪ ਕਰਦੇ ਹੋਏ ਡੱਲੇਵਾਲ ਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ।