ਹਰਿਆਣਾ ਦੇ ਸਾਰੇ ਸਕੂਲਾਂ ਵਿਚ 1 ਤੋਂ 15 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਸਕੂਲ 16 ਜਨਵਰੀ ਨੂੰ ਖੁੱਲ੍ਹਣਗੇ। ਰਾਜ ਦੇ ਸਿੱਖਿਆ ਮੰਤਰੀ ਨੇ ਪਹਿਲਾਂ ਹੀ ਇਸ ਬਾਰੇ ਐਲਾਨ ਕਰ ਦਿੱਤਾ ਸੀ ਅਤੇ ਹੁਣ ਹੁਕਮਾਂ ਅਨੁਸਾਰ ਇਹ ਛੁੱਟੀਆਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਲਾਗੂ ਕਰ ਦਿੱਤੀਆਂ ਗਈਆ ਹਨ।
ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਨ੍ਹਾਂ ਛੁੱਟੀਆਂ ਦੌਰਾਨ ਸੀਬੀਐਸਈ, ਆਈਸੀਐਸਈ ਵਰਗੇ ਬੋਰਡਾਂ ਅਧੀਨ ਚੱਲ ਰਹੀਆਂ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਪ੍ਰੈਕਟੀਕਲ ਲਈ ਸਕੂਲ ਵਿੱਚ ਬੁਲਾਇਆ ਜਾ ਸਕਦਾ ਹੈ। ਇਹ ਫੈਸਲਾ ਬੋਰਡ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨੂੰ ਰੋਕਣ ਲਈ ਲਿਆ ਗਿਆ ਹੈ।
ਰਾਜ ਦੇ ਸਿੱਖਿਆ ਵਿਭਾਗ ਨੇ ਇਸ ਹੁਕਮ ਬਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਲਾਕ ਸਿੱਖਿਆ ਅਫ਼ਸਰਾਂ ਅਤੇ ਸਕੂਲ ਮੁਖੀਆਂ ਨੂੰ ਵੀ ਸੂਚਿਤ ਕਰ ਦਿੱਤਾ ਹੈ। ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੇ ਨਜ਼ਰੀਏ ਤੋਂ ਠੰਢ ਦੇ ਮੌਸਮ ਦੌਰਾਨ ਲੋੜੀਂਦੀਆਂ ਸਾਵਧਾਨੀਆਂ ਵਰਤਣ ਤਾਂ ਜੋ ਬੱਚਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸਰਕਾਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਗਰਮ ਕੱਪੜੇ ਪਹਿਨਾਉਣ ਅਤੇ ਠੰਢ ਵਿੱਚ ਉਨ੍ਹਾਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ। ਨਾਲ ਹੀ, ਬੱਚਿਆਂ ਨੂੰ ਘਰ ਦੇ ਅੰਦਰ ਰਹਿਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਠੰਡ ਤੋਂ ਬਚ ਸਕਣ। ਇਸ ਤੋਂ ਇਲਾਵਾ ਛੋਟੇ-ਛੋਟੇ ਕੰਮਾਂ ਵਿਚ ਰੁੱਝੇ ਰਹਿ ਕੇ ਬੱਚਿਆਂ ਦੇ ਸਮੇਂ ਦੀ ਸਹੀ ਵਰਤੋਂ ਕੀਤੀ ਜਾ ਸਕਦੀ ਹੈ।