Punjab : ਮੌਸਮ ਵਿਭਾਗ ਨੇ ਅਗਲੇ 24 ਤੋਂ 48 ਘੰਟਿਆਂ ਵਿੱਚ ਦਿੱਲੀ ਐਨਸੀਆਰ ਸਮੇਤ ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਵਿੱਚ 10 ਤੋਂ 12 ਜਨਵਰੀ ਦਰਮਿਆਨ ਇੱਕ ਨਵੀਂ ਪੱਛਮੀ ਗੜਬੜੀ ਬਣ ਰਹੀ ਹੈ। ਇਸ ਕਾਰਨ 10 ਅਤੇ 11 ਤਰੀਕ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਦੱਖਣੀ ਭਾਰਤ ‘ਚ ਵੀ 12 ਜਨਵਰੀ ਤੋਂ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਨਾਲ-ਨਾਲ ਕੇਰਲ ‘ਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਬੁੱਧਵਾਰ ਨੂੰ ਪੱਛਮੀ ਬੰਗਾਲ, ਸਿੱਕਮ ਅਤੇ ਅਸਾਮ ਦੇ ਹਿਮਾਲੀਅਨ ਹਿੱਸੇ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਹੋਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਵੀ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਬੇਹੱਦ ਸੰਘਣੀ ਧੁੰਦ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ। ਪੂਰੇ ਉੱਤਰ ਭਾਰਤ ‘ਚ ਕੜਾਕੇ ਦੀ ਠੰਡ ਦਾ ਦੌਰ ਚੱਲ ਰਿਹਾ ਹੈ। ਪਹਾੜਾਂ ‘ਤੇ ਵੀ ਭਾਰੀ ਬਰਫ਼ਬਾਰੀ ਹੋ ਰਹੀ ਹੈ। ਉੱਤਰੀ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਸੰਘਣੀ ਧੁੰਦ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ‘ਚ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦਿੱਲੀ ਐਨਸੀਆਰ ਵਿੱਚ ਬੁੱਧਵਾਰ ਨੂੰ ਦਿਨ ਵੇਲੇ ਠੰਢ ਤੋਂ ਰਾਹਤ ਮਿਲੀ। ਕਾਫੀ ਸਮੇਂ ਬਾਅਦ ਆਸਮਾਨ ‘ਚ ਧੁੱਪ ਨਿਕਲੀ, ਜਿਸ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ। ਦਿਨ ਦਾ ਤਾਪਮਾਨ 23 ਡਿਗਰੀ ਸੈਲਸੀਅਸ ਤੱਕ ਵਧ ਗਿਆ ਸੀ। ਹਾਲਾਂਕਿ ਰਾਤ ਦੇ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ। ਰਾਤ ਨੂੰ ਤਾਪਮਾਨ 6.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਹਫਤੇ ਦੇ ਅੰਤ ‘ਚ ਬਾਰਿਸ਼ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਰਾਜਧਾਨੀ ਦਿੱਲੀ ‘ਚ 11 ਜਨਵਰੀ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਲੱਦਾਖ ਵਿੱਚ ਘੱਟੋ-ਘੱਟ ਤਾਪਮਾਨ 0 ਤੋਂ 3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਉੱਤਰ-ਪੱਛਮੀ ਭਾਰਤ ਅਤੇ ਮੱਧ ਭਾਰਤ ਵਿੱਚ ਘੱਟੋ-ਘੱਟ ਤਾਪਮਾਨ 5 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਪੱਛਮੀ ਅਤੇ ਪੂਰਬੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ 10 ਤੋਂ 15 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।